ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਦਾ ਵੱਡਾ ਫੈਸਲਾ: ਸੋਨੂੰ ਸ਼ਾਹ ਕਤਲ ਕੇਸ ’ਚ 5 ਬਰੀ, 3 ਦੋਸ਼ੀ ਕਰਾਰ

ਨਿਊਜ਼ ਪੰਜਾਬ

19 ਫ਼ਰਵਰੀ 2026

ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਸੱਤ ਸਾਲ ਪੁਰਾਣੇ ਬਹੁਚਰਚਿਤ ਰਾਜਵੀਰ ਸਿੰਘ ਉਰਫ਼ ਸੋਨੂੰ ਸ਼ਾਹ ਕਤਲ ਮਾਮਲੇ ਵਿੱਚ ਅਹਿਮ ਫੈਸਲਾ ਸੁਣਾਉਂਦੇ ਹੋਏ ਲਾਰੈਂਸ ਬਿਸ਼ਨੋਈ ਸਮੇਤ ਪੰਜ ਮੁਲਜ਼ਮਾਂ ਨੂੰ ਸਬੂਤਾਂ ਦੀ ਘਾਟ ਕਾਰਨ ਬਰੀ ਕਰ ਦਿੱਤਾ ਹੈ, ਜਦਕਿ ਤਿੰਨ ਹੋਰ ਮੁਲਜ਼ਮਾਂ ਨੂੰ ਕਤਲ ਦਾ ਦੋਸ਼ੀ ਕਰਾਰ ਦਿੱਤਾ ਗਿਆ ਹੈ। ਇਹ ਕਤਲ 28 ਸਤੰਬਰ 2019 ਨੂੰ ਬੁਡੈਲ ਪਿੰਡ ਸਥਿਤ ਦਫ਼ਤਰ ਵਿੱਚ ਗੋਲੀਬਾਰੀ ਕਰਕੇ ਕੀਤਾ ਗਿਆ ਸੀ, ਜਿਸ ਦੌਰਾਨ ਲਗਭਗ 14 ਰਾਉਂਡ ਫਾਇਰ ਕੀਤੇ ਗਏ ਸਨ। ਘਟਨਾ ਵਿੱਚ ਸੋਨੂੰ ਸ਼ਾਹ ਦੀ ਮੌਕੇ ’ਤੇ ਮੌਤ ਹੋ ਗਈ ਸੀ ਅਤੇ ਦੋ ਹੋਰ ਵਿਅਕਤੀ ਗੰਭੀਰ ਜ਼ਖਮੀ ਹੋਏ ਸਨ।

ਜਾਂਚ ਚੰਡੀਗੜ੍ਹ ਪੁਲਿਸ ਦੀ ਅਪਰਾਧ ਸ਼ਾਖਾ ਵੱਲੋਂ ਕੀਤੀ ਗਈ ਅਤੇ ਲੰਬੀ ਸੁਣਵਾਈ ਤੋਂ ਬਾਅਦ ਅਦਾਲਤ ਨੇ ਸਾਰੇ ਸਬੂਤਾਂ ਅਤੇ ਗਵਾਹਾਂ ਦੇ ਬਿਆਨਾਂ ਦੀ ਸਮੀਖਿਆ ਕਰਕੇ ਇਹ ਫੈਸਲਾ ਸੁਣਾਇਆ। ਦੋਸ਼ੀ ਕਰਾਰ ਦਿੱਤੇ ਗਏ ਤਿੰਨ ਮੁਲਜ਼ਮਾਂ ਨੂੰ 20 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ, ਜਿਸ ’ਤੇ ਹੁਣ ਸਭ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।