ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਰਵਾਈ: 30 ਲੱਖ ਦੀ ਫਿਰੌਤੀ ਮਾਮਲੇ ‘ਚ ਯੂਥ ਕਾਂਗਰਸ ਆਗੂ ਗ੍ਰਿਫਤਾਰ

ਨਿਊਜ਼ ਪੰਜਾਬ

21 ਫ਼ਰਵਰੀ 2026

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਫਿਰੌਤੀ ਮੰਗਣ ਦੇ ਗੰਭੀਰ ਮਾਮਲੇ ਵਿੱਚ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਯੂਥ ਕਾਂਗਰਸ ਹਲਕਾ ਬਾਬਾ ਬਕਾਲਾ ਦੇ ਆਗੂ ਆਜ਼ਾਦ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਆਜ਼ਾਦ ਸਿੰਘ ਵਾਸੀ ਪਿੰਡ ਬੁਟਾਰੀ, ਥਾਣਾ ਖਲਚੀਆ ਵਜੋਂ ਹੋਈ ਹੈ। ਇਹ ਮਾਮਲਾ ਜੰਡਿਆਲਾ ਗੁਰੂ ਖੇਤਰ ਨਾਲ ਸੰਬੰਧਿਤ ਹੈ, ਜਿੱਥੇ 14 ਜਨਵਰੀ ਨੂੰ ਦੀਪਕ ਜੁਲਕਾ ਨਾਮਕ ਵਿਅਕਤੀ ਨੂੰ ਵਿਦੇਸ਼ੀ ਨੰਬਰਾਂ ਤੋਂ ਕਾਲਾਂ ਅਤੇ ਸੁਨੇਹੇ ਆਏ, ਜਿਨ੍ਹਾਂ ਵਿੱਚ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਅਤੇ ਨਾ ਦੇਣ ਦੀ ਸੂਰਤ ਵਿੱਚ ਉਸਦੇ ਪਰਿਵਾਰ ਨੂੰ ਜਾਨੋਂ ਮਾਰਣ ਦੀ ਧਮਕੀ ਦਿੱਤੀ ਗਈ। ਡਰੇ ਹੋਏ ਸ਼ਿਕਾਇਤਕਰਤਾ ਵੱਲੋਂ ਪੁਲਿਸ ਕੋਲ ਪਹੁੰਚ ਕਰਨ ਉਪਰੰਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਜਾਂਚ ਦੌਰਾਨ ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਉਸ ਕੋਲੋਂ ਇੱਕ ਮੋਬਾਈਲ ਫੋਨ ਵੀ ਬਰਾਮਦ ਕੀਤਾ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਸ ਦੇ ਵਿਦੇਸ਼ ਵਿੱਚ ਬੈਠੇ ਗੈਂਗਸਟਰਾਂ ਨਾਲ ਸਿੱਧੇ ਸੰਪਰਕ ਸਨ। ਅੰਮ੍ਰਿਤਸਰ ਦਿਹਾਤੀ ਦੇ ਐੱਸ.ਐੱਸ.ਪੀ. ਸੁਹੇਲ ਮੀਰ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਹੋਰ ਗ੍ਰਿਫਤਾਰੀਆਂ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।