ਨਿਊਜ਼ ਪੰਜਾਬ
21 ਫ਼ਰਵਰੀ 2026
ਅਟਾਰੀ ਹਲਕੇ ਵਿੱਚ ਹੋਈ ‘ਪੰਜਾਬ ਬਚਾਓ’ ਰੈਲੀ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਸਮਰਥਕਾਂ ਵਿੱਚ ਕਾਫੀ ਜੋਸ਼ ਦੇਖਣ ਨੂੰ ਮਿਲਿਆ। ਮੰਚ ਤੋਂ ਬੋਲਦੇ ਹੋਏ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਪੰਜਾਬ ਦੇ ਮੁੱਦਿਆਂ ’ਤੇ ਗੰਭੀਰ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਾਣੀ, ਕਿਸਾਨੀ ਅਤੇ ਕਾਨੂੰਨ-ਵਿਵਸਥਾ ਵਰਗੇ ਮਸਲਿਆਂ ’ਤੇ ਰਾਜ ਦੇ ਹੱਕਾਂ ਦੀ ਰੱਖਿਆ ਨਹੀਂ ਹੋ ਰਹੀ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀ ਦਾ ਮਸਲਾ ਸਭ ਤੋਂ ਗੰਭੀਰ ਹੈ ਅਤੇ ਇਸ ’ਤੇ ਰਾਜਨੀਤੀ ਨਹੀਂ, ਸਖ਼ਤ ਸਟੈਂਡ ਦੀ ਲੋੜ ਹੈ। ਬਾਦਲ ਨੇ ਦੋਸ਼ ਲਗਾਇਆ ਕਿ ਦਿੱਲੀ-ਕੇਂਦਰਿਤ ਪਾਰਟੀਆਂ ਪੰਜਾਬ ਦੇ ਸਰੋਤਾਂ ਨੂੰ ਕਮਜ਼ੋਰ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਹਮੇਸ਼ਾ ਪੰਜਾਬ ਦੇ ਹੱਕਾਂ ਲਈ ਲੜਦਾ ਆਇਆ ਹੈ ਅਤੇ ਅੱਗੇ ਵੀ ਲੜਦਾ ਰਹੇਗਾ।
ਰੈਲੀ ਵਿੱਚ ਮਾਝਾ ਖੇਤਰ ਸਮੇਤ ਸੂਬੇ ਦੇ ਵੱਖ-ਵੱਖ ਹਿੱਸਿਆਂ ਤੋਂ ਆਏ ਆਗੂਆਂ ਨੇ ਵੀ ਸੰਬੋਧਨ ਕੀਤਾ। ਆਗੂਆਂ ਨੇ ਕਿਹਾ ਕਿ ਪਾਰਟੀ ਵੱਲੋਂ 40 ਹਲਕਿਆਂ ਵਿੱਚ ਕੀਤੀਆਂ ਜਾ ਰਹੀਆਂ ਰੈਲੀਆਂ ਰਾਹੀਂ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਅਤੇ ਸਰਕਾਰ ਦੀਆਂ ਨੀਤੀਆਂ ਬਾਰੇ ਸੱਚਾਈ ਲੋਕਾਂ ਤੱਕ ਪਹੁੰਚਾਈ ਜਾ ਰਹੀ ਹੈ।
ਰੈਲੀ ਦੌਰਾਨ ਪਾਰਟੀ ਵਰਕਰਾਂ ਨੇ ਨਾਅਰੇਬਾਜ਼ੀ ਕੀਤੀ ਅਤੇ ਪੰਜਾਬ ਦੇ ਹੱਕਾਂ ਦੀ ਰੱਖਿਆ ਲਈ ਇਕੱਠੇ ਹੋਣ ਦਾ ਸੰਕਲਪ ਵੀ ਲਿਆ। ਪਾਰਟੀ ਆਗੂਆਂ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਇਹ ਮੁਹਿੰਮ ਹੋਰ ਤੇਜ਼ ਕੀਤੀ ਜਾਵੇਗੀ ਅਤੇ ਹਰ ਹਲਕੇ ਵਿੱਚ ਵੱਡੀਆਂ ਰੈਲੀਆਂ ਕੀਤੀਆਂ ਜਾਣਗੀਆਂ।
ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੀ ਪੰਜਾਬ ਬਚਾਓ ਰੈਲੀ ’ਚ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵੱਡੇ ਐਲਾਨ ਕੀਤੇ ਗਏ। ਉਨ੍ਹਾਂ ਨੇ ਕਿਹਾ ਕਿ ਬਾਰਡਰ ਨੇੜੇ ਇੰਡਸਟਰੀ ਲਗਾਉਣ ਵਾਲਿਆਂ ਨੂੰ ਸਪੈਸ਼ਲ ਪੈਕੇਜ ਦਿੱਤਾ ਜਾਵੇਗਾ। ਜਿਸ ਦਿਨ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਆ ਗਈ ਇੱਕ ਵੀ ਗੈਂਗਸਟਰ ਨਹੀਂ ਰਹਿਣ ਦਿੱਤਾ ਜਾਵੇਗਾ।
