ਨਿਊਜ਼ ਪੰਜਾਬ
ਨਿਊਜ਼:8 ਮਾਰਚ 2026
ਪੰਜਾਬ ਸਰਕਾਰ ਨੇ ਵਿੱਤੀ ਵਰ੍ਹੇ 2026–27 ਲਈ ਕਰੀਬ 2.60 ਲੱਖ ਕਰੋੜ ਰੁਪਏ ਦਾ ਬਜਟ ਪੇਸ਼ ਕੀਤਾ ਹੈ। ਇਹ ਬਜਟ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ। ਇਸ ਵਾਰ ਦੇ ਬਜਟ ਵਿੱਚ ਸਮਾਜਿਕ ਭਲਾਈ, ਸਿਹਤ ਅਤੇ ਔਰਤਾਂ ਲਈ ਖਾਸ ਯੋਜਨਾਵਾਂ ਉੱਤੇ ਜ਼ੋਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਨੇ ਔਰਤਾਂ ਲਈ ਵੱਡਾ ਐਲਾਨ ਕਰਦਿਆਂ ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ ਲਾਗੂ ਕਰਨ ਦੀ ਘੋਸ਼ਣਾ ਕੀਤੀ ਹੈ। ਇਸ ਯੋਜਨਾ ਤਹਿਤ ਸੂਬੇ ਦੀਆਂ ਲਗਭਗ 97 ਫੀਸਦੀ ਔਰਤਾਂ ਨੂੰ ਲਾਭ ਮਿਲਣ ਦੀ ਉਮੀਦ ਹੈ।
ਸਰਕਾਰ ਮੁਤਾਬਕ ਇਸ ਸਕੀਮ ਦੇ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੀ ਆਰਥਿਕ ਸਹਾਇਤਾ ਦਿੱਤੀ ਜਾਵੇਗੀ। ਜਿਹੜੀਆਂ ਔਰਤਾਂ ਪਹਿਲਾਂ ਤੋਂ ਕਿਸੇ ਵੀ ਤਰ੍ਹਾਂ ਦੀ ਪੈਨਸ਼ਨ ਜਾਂ ਹੋਰ ਸਰਕਾਰੀ ਸਕੀਮ ਦਾ ਲਾਭ ਨਹੀਂ ਲੈ ਰਹੀਆਂ, ਉਹਨਾਂ ਨੂੰ ਇਸ ਯੋਜਨਾ ਦਾ ਫਾਇਦਾ ਮਿਲੇਗਾ।
ਇਸ ਤੋਂ ਇਲਾਵਾ SC ਵਰਗ ਦੀਆਂ ਔਰਤਾਂ ਲਈ ਖਾਸ ਪ੍ਰਬੰਧ ਕੀਤਾ ਗਿਆ ਹੈ। ਇਸ ਵਰਗ ਨਾਲ ਸੰਬੰਧਿਤ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਦੇਣ ਦਾ ਪ੍ਰਸਤਾਵ ਰੱਖਿਆ ਗਿਆ ਹੈ।
ਸਰਕਾਰ ਨੇ ਇਹ ਵੀ ਸਪਸ਼ਟ ਕੀਤਾ ਹੈ ਕਿ MP ਅਤੇ MLA ਦੀਆਂ ਪਰਿਵਾਰਕ ਮੈਂਬਰ ਔਰਤਾਂ ਇਸ ਸਕੀਮ ਵਿੱਚ ਸ਼ਾਮਲ ਨਹੀਂ ਹੋਣਗੀਆਂ।ਸਰਕਾਰ ਦਾ ਕਹਿਣਾ ਹੈ ਕਿ ਇਸ ਯੋਜਨਾ ਦਾ ਮਕਸਦ ਔਰਤਾਂ ਨੂੰ ਆਰਥਿਕ ਤੌਰ ’ਤੇ ਮਜ਼ਬੂਤ ਕਰਨਾ ਅਤੇ ਉਹਨਾਂ ਨੂੰ ਵਧੀਆ ਜੀਵਨ ਜਿਉਣ ਲਈ ਸਹਾਇਤਾ ਪ੍ਰਦਾਨ ਕਰਨਾ ਹੈ।
ਇਸ ਦੇ ਨਾਲ ਹੀ ਬਜਟ ਵਿੱਚ ਸਿਹਤ ਖੇਤਰ ਲਈ ਲਗਭਗ 351 ਕਰੋੜ ਰੁਪਏ ਦੇ ਪ੍ਰਸਤਾਵ ਰੱਖੇ ਗਏ ਹਨ ਤਾਂ ਜੋ ਸਰਕਾਰੀ ਹਸਪਤਾਲਾਂ ਅਤੇ ਸਿਹਤ ਸਹੂਲਤਾਂ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ। ਸਰਕਾਰ ਦਾ ਕਹਿਣਾ ਹੈ ਕਿ ਲੋਕਾਂ ਨੂੰ ਬਿਹਤਰ ਇਲਾਜ, ਦਵਾਈਆਂ ਅਤੇ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ’ਤੇ ਖਾਸ ਧਿਆਨ ਦਿੱਤਾ ਜਾਵੇਗਾ।
ਸਰਕਾਰ ਦਾ ਦਾਅਵਾ ਹੈ ਕਿ ਇਹ ਬਜਟ ਵਿਕਾਸ, ਲੋਕ-ਭਲਾਈ ਅਤੇ ਆਰਥਿਕ ਪ੍ਰਬੰਧਨ ਵਿਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕਰਦਾ ਹੈ। ਇਸ ਵਿੱਚ ਸਿੱਖਿਆ, ਬੁਨਿਆਦੀ ਢਾਂਚਾ ਅਤੇ ਸਮਾਜਿਕ ਸੁਰੱਖਿਆ ਯੋਜਨਾਵਾਂ ਨੂੰ ਵੀ ਤਰਜੀਹ ਦਿੱਤੀ ਗਈ ਹੈ।
