ਨਿਊਜ਼ ਪੰਜਾਬ
11 ਮਾਰਚ 2026
ਸੁਪਰੀਮ ਕੋਰਟ ਨੇ ਇਕ ਇੱਛਾ ਮੌਤ ਦੇ ਮਾਮਲੇ ਵਿੱਚ ਇਤਿਹਾਸਕ ਫੈਸਲਾ ਸੁਣਾਉਂਦੇ ਹੋਏ 31 ਸਾਲਾ ਹਰੀਸ਼ ਰਾਣਾ ਨੂੰ ਪੈਸਿਵ ਇੱਛਾ ਮੌਤ ਦੀ ਇਜਾਜ਼ਤ ਦੇ ਦਿੱਤੀ ਹੈ, ਜੋ ਪਿਛਲੇ 13 ਸਾਲਾਂ ਤੋਂ ਕੋਮਾ ਵਿੱਚ ਹੈ। ਗਾਜ਼ੀਆਬਾਦ ਦਾ ਰਹਿਣ ਵਾਲਾ ਹਰੀਸ਼ ਜੀਵਨ ਸਹਾਇਤਾ ਪ੍ਰਣਾਲੀ ‘ਤੇ ਨਿਰਭਰ ਹੈ। ਜਸਟਿਸ ਜੇ.ਬੀ. ਪਾਰਦੀਵਾਲਾ ਅਤੇ ਕੇ.ਵੀ. ਵਿਸ਼ਵਨਾਥਨ ਦੀ ਬੈਂਚ ਨੇ ਏਮਜ਼ ਨੂੰ ਹੁਕਮ ਦਿੱਤਾ ਹੈ ਕਿ ਹਰੀਸ਼ ਦੀ ਜੀਵਨ ਸਹਾਇਤਾ ਪ੍ਰਣਾਲੀ ਨੂੰ ਪੜਾਅਵਾਰ ਤਰੀਕੇ ਨਾਲ ਬੰਦ ਕੀਤਾ ਜਾਵੇ ਅਤੇ ਇਹ ਪ੍ਰਕਿਰਿਆ ਮਰੀਜ਼ ਦੀ ਇੱਜ਼ਤ ਨੂੰ ਬਣਾਈ ਰੱਖਦੇ ਹੋਏ ਕੀਤੀ ਜਾਵੇ।
ਇਹ ਫੈਸਲਾ ਹਰੀਸ਼ ਦੀ ਮਾਂ ਨਿਰਮਲਾ ਰਾਣਾ ਅਤੇ ਪਿਤਾ ਅਸ਼ੋਕ ਰਾਣਾ ਵੱਲੋਂ ਕੀਤੀ ਗਈ ਅਪੀਲ ਤੋਂ ਬਾਅਦ ਸੁਣਾਇਆ ਗਿਆ। ਹਰੀਸ਼ 2013 ਵਿੱਚ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਬੀ.ਟੈਕ ਦੀ ਪੜ੍ਹਾਈ ਕਰਦੇ ਸਮੇਂ ਹੋਸਟਲ ਦੀ ਚੌਥੀ ਮੰਜ਼ਿਲ ਤੋਂ ਡਿੱਗ ਪਿਆ ਸੀ, ਜਿਸ ਕਾਰਨ ਉਹ ਕੋਮਾ ਵਿੱਚ ਚਲਾ ਗਿਆ ਅਤੇ ਪੂਰੀ ਤਰ੍ਹਾਂ ਅਧਰੰਗੀ ਹੋ ਗਿਆ। ਡਾਕਟਰਾਂ ਮੁਤਾਬਕ ਉਹ ਕਵਾਡ੍ਰੀਪਲੇਜੀਆ ਬਿਮਾਰੀ ਨਾਲ ਪੀੜਤ ਹੈ ਅਤੇ ਪੂਰੀ ਤਰ੍ਹਾਂ ਫੀਡਿੰਗ ਟਿਊਬਾਂ ਤੇ ਵੈਂਟੀਲੇਟਰ ਸਹਾਇਤਾ ‘ਤੇ ਨਿਰਭਰ ਹੈ। 13 ਸਾਲਾਂ ਤੋਂ ਬਿਸਤਰੇ ‘ਤੇ ਰਹਿਣ ਕਾਰਨ ਉਸ ਦੀ ਹਾਲਤ ਲਗਾਤਾਰ ਖਰਾਬ ਹੋ ਰਹੀ ਹੈ ਅਤੇ ਪਰਿਵਾਰ ਦੀ ਆਰਥਿਕ ਸਥਿਤੀ ਵੀ ਬਹੁਤ ਮੰਦ ਹੋ ਚੁੱਕੀ ਹੈ।
