ਮਾਨ ਸਰਕਾਰ ਦਾ ਵੱਡਾ ਫੈਸਲਾ: 17 ਮਾਰਚ ਨੂੰ 100 ਨਵੇਂ ਆਮ ਆਦਮੀ ਕਲੀਨਿਕ ਖੁਲ੍ਹਣਗੇ

ਨਿਊਜ਼ ਪੰਜਾਬ

15 ਮਾਰਚ 2026

ਪੰਜਾਬ ਦੇ ਲੋਕਾਂ ਨੂੰ ਅਸਾਨੀ ਨਾਲ ਇਲਾਜ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮਾਨ ਸਰਕਾਰ 100 ਹੋਰ ਨਵੇਂ ਆਮ ਆਦਮੀ ਕਲੀਨਿਕ ਖੋਲ੍ਹਣ ਜਾ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ 17 ਮਾਰਚ ਨੂੰ ਇਨ੍ਹਾਂ ਕਲੀਨਿਕਾਂ ਦਾ ਉਦਘਾਟਨ ਕਰਨਗੇ ਅਤੇ ਨਾਲ ਹੀ ਇੱਕ ਸਬ-ਡਿਵੀਜ਼ਨਲ ਹਸਪਤਾਲ ਵੀ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਵੇਲੇ ਪੰਜਾਬ ਵਿੱਚ 881 ਆਮ ਆਦਮੀ ਕਲੀਨਿਕ ਚੱਲ ਰਹੇ ਹਨ ਅਤੇ ਹੁਣ 100 ਹੋਰ ਕਲੀਨਿਕ ਸ਼ੁਰੂ ਹੋਣ ਨਾਲ ਲੋਕਾਂ ਨੂੰ ਸਿਹਤ ਸਹੂਲਤਾਂ ਹੋਰ ਨਜ਼ਦੀਕ ਮਿਲਣਗੀਆਂ। ਉਨ੍ਹਾਂ ਕਿਹਾ ਕਿ ਰਾਜ ਵਿੱਚ 7 ਨਵੇਂ ਮੈਡੀਕਲ ਕਾਲਜ ਬਣ ਰਹੇ ਹਨ, ਜ਼ਿਲ੍ਹਾ ਹਸਪਤਾਲਾਂ ਵਿੱਚ MRI ਅਤੇ ਹਾਈਵੇ ‘ਤੇ ਸਬ-ਡਿਵੀਜ਼ਨ ਹਸਪਤਾਲਾਂ ਵਿੱਚ ਸੀਟੀ ਸਕੈਨ ਦੀ ਸਹੂਲਤ ਦਿੱਤੀ ਜਾਵੇਗੀ। ਸਰਕਾਰ ਵੱਲੋਂ ਪ੍ਰਾਇਮਰੀ ਅਤੇ ਸੈਕੰਡਰੀ ਕੇਅਰ ਵਿੱਚ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ ਅੰਮ੍ਰਿਤਸਰ ਤੇ ਪਟਿਆਲਾ ਵਿੱਚ ਸੁਣਨ ਤੇ ਬੋਲਣ ਤੋਂ ਅਸਮਰੱਥ ਬੱਚਿਆਂ ਲਈ ਟਰਾਂਸਪਲਾਂਟ ਸਹੂਲਤ ਵੀ ਸ਼ੁਰੂ ਕੀਤੀ ਗਈ ਹੈ। ਸਿਹਤ ਮੰਤਰੀ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਸਿਹਤ ਕਾਰਡ ਜਰੂਰ ਬਣਵਾਏ। ਨਾਲ ਹੀ ਨਸ਼ਿਆਂ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ 10.63 ਲੱਖ ਨਸ਼ਾ ਪੀੜਤਾਂ ਦਾ ਇਲਾਜ, ਹੁਨਰ ਵਿਕਾਸ ਅਤੇ ਮੁੜ ਵਸੇਬਾ ਕੀਤਾ ਜਾ ਰਿਹਾ ਹੈ, ਜਿਸ ਵਿੱਚ ਵਿਲੇਜ ਡਿਫ਼ੈਂਸ ਕਮੇਟੀਆਂ ਵੀ ਮਹੱਤਵਪੂਰਨ ਭੂਮਿਕਾ ਨਿਭਾ ਰਹੀਆਂ ਹਨ।