ਨਿਊਜ਼ ਪੰਜਾਬ
23 ਮਾਰਚ 2026
ਵੇਅਰਹਾਊਸ ਦੇ ਸਾਬਕਾ ਡੀਐਮ ਵੱਲੋਂ ਕੀਤੀ ਗਈ ਖੁਦਕੁਸ਼ੀ ਦੇ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਸਾਬਕਾ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ’ਤੇ ਕੀਤੀ ਗਈ ਹੈ। ਦੋ ਦਿਨ ਪਹਿਲਾਂ ਅੰਮ੍ਰਿਤਸਰ ਵਿੱਚ ਡੀਐਮ ਵੱਲੋਂ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰਨ ਤੋਂ ਪਹਿਲਾਂ ਇਕ ਵੀਡੀਓ ਬਣਾਈ ਗਈ ਸੀ, ਜਿਸ ਵਿੱਚ ਉਸ ਨੇ ਆਪਣੀ ਮੌਤ ਲਈ ਭੁੱਲਰ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਇਸ ਤੋਂ ਬਾਅਦ ਮੁੱਖ ਮੰਤਰੀ ਵੱਲੋਂ ਤੁਰੰਤ ਭੁੱਲਰ ਦਾ ਅਸਤੀਫਾ ਲਿਆ ਗਿਆ ਅਤੇ ਮਾਮਲੇ ਦੀ ਜਾਂਚ ਚੀਫ ਸੈਕਟਰੀ ਨੂੰ ਸੌਂਪੀ ਗਈ। ਮ੍ਰਿਤਕ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ ਭੁੱਲਰ, ਉਸਦੇ ਪਿਤਾ ਸੁਖਦੇਵ ਸਿੰਘ ਭੁੱਲਰ ਅਤੇ ਪੀਏ ਸਮੇਤ ਹੋਰਾਂ ਖਿਲਾਫ ਮਾਮਲਾ ਦਰਜ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਵੱਲੋਂ ਚੰਡੀਗੜ੍ਹ ਵਿੱਚ ਰੋਸ ਪ੍ਰਦਰਸ਼ਨ ਵੀ ਕੀਤੇ ਗਏ ਹਨ। ਦੋਸ਼ ਲਗਾਇਆ ਜਾ ਰਿਹਾ ਹੈ ਕਿ ਟੈਂਡਰ ਨੂੰ ਲੈ ਕੇ ਡੀਐਮ ’ਤੇ ਦਬਾਅ ਬਣਾਇਆ ਗਿਆ ਅਤੇ ਉਸ ਨਾਲ ਕੁੱਟਮਾਰ ਕਰਕੇ ਜਬਰਦਸਤੀ ਵੀਡੀਓ ਬਣਵਾਈ ਗਈ, ਜਿਸ ਕਾਰਨ ਇਹ ਮਾਮਲਾ ਹੁਣ ਸਿਆਸੀ ਤੌਰ ’ਤੇ ਵੀ ਕਾਫੀ ਗੰਭੀਰ ਹੋ ਗਿਆ ਹੈ।
