ਰਾਜਗੜ੍ਹ ਵਿਵਾਦ ਮਾਮਲਾ: ਪੰਚਾਇਤ ਮੈਂਬਰ ‘ਤੇ ਕੇਸ ਦਰਜ, SHO ਧਨੌਲਾ ਮੁਅੱਤਲ

ਨਿਊਜ਼ ਪੰਜਾਬ

24 ਮਾਰਚ 2026

ਬਰਨਾਲਾ ਦੇ ਪਿੰਡ ਰਾਜਗੜ੍ਹ ਵਿੱਚ ਗਲੀ ਬਣਾਉਣ ਨੂੰ ਲੈ ਕੇ ਹੋਏ ਝਗੜੇ ਨੇ ਗੰਭੀਰ ਰੂਪ ਧਾਰ ਲਿਆ, ਜਿਸ ਦੌਰਾਨ ਮਨਜਿੰਦਰ ਸਿੰਘ ਨਾਮਕ ਨੌਜਵਾਨ ਵੱਲੋਂ ਖੁਦਕੁਸ਼ੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਉਹ ਇਸ ਵੇਲੇ ਬਰਨਾਲਾ ਦੇ ਇੱਕ ਨਿੱਜੀ ਹਸਪਤਾਲ ਵਿੱਚ ਇਲਾਜ ਅਧੀਨ ਹੈ। ਦੋਸ਼ ਹੈ ਕਿ ਝਗੜੇ ਦੌਰਾਨ ਪਰਿਵਾਰ ਦੀਆਂ ਮਹਿਲਾਵਾਂ ਨਾਲ ਬਦਸਲੂਕੀ ਅਤੇ ਕੁੱਟਮਾਰ ਵੀ ਕੀਤੀ ਗਈ ਸੀ।

ਇਸ ਮਾਮਲੇ ਨੂੰ ਲੈ ਕੇ ਪੀੜਤ ਪਰਿਵਾਰ ਨੇ ਪਿੰਡ ਵਾਸੀਆਂ, ਪੰਚਾਇਤਾਂ, ਰਾਜਨੀਤਿਕ ਪਾਰਟੀਆਂ ਅਤੇ ਕਿਸਾਨ ਜਥੇਬੰਦੀਆਂ ਦੇ ਨਾਲ ਮਿਲ ਕੇ ਡਿਪਟੀ ਕਮਿਸ਼ਨਰ ਬਰਨਾਲਾ ਦੇ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਅਤੇ ਪੁਲਿਸ ਕਾਰਵਾਈ ‘ਤੇ ਸਵਾਲ ਉਠਾਏ।

ਡੀਐਸਪੀ ਸਤਬੀਰ ਸਿੰਘ ਬੈਂਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਵੱਲੋਂ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਗਈ ਹੈ। ਪਿੰਡ ਰਾਜਗੜ੍ਹ ਦੇ ਮੌਜੂਦਾ ਆਪ ਪੰਚਾਇਤ ਮੈਂਬਰ ਗੁਰਸੇਵਕ ਸਿੰਘ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਡੂੰਘਾਈ ਨਾਲ ਜਾਂਚ ਜਾਰੀ ਹੈ।

ਇਸ ਦੇ ਨਾਲ ਹੀ, ਪਰਿਵਾਰ ਵੱਲੋਂ ਲਗਾਏ ਗਏ ਗੰਭੀਰ ਦੋਸ਼ਾਂ ਦੇ ਮੱਦੇਨਜ਼ਰ ਧਨੌਲਾ ਥਾਣੇ ਦੇ SHO ‘ਤੇ ਵੀ ਕਾਰਵਾਈ ਹੋਈ ਹੈ। SHO ਧਨੌਲਾ ਨੂੰ ਮੁਅੱਤਲ ਕਰਕੇ ਪੁਲਿਸ ਲਾਈਨ ਹਾਜ਼ਰ ਕਰ ਦਿੱਤਾ ਗਿਆ ਹੈ।

ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਮਾਮਲਾ ਦਰਜ ਕਰਕੇ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਇਸ ਮਾਮਲੇ ਨੂੰ ਲੈ ਕੇ ਇਲਾਕੇ ਵਿੱਚ ਤਣਾਅ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਲੋਕ ਇਨਸਾਫ਼ ਦੀ ਮੰਗ ਕਰ ਰਹੇ ਹਨ।