ਨਿਊਜ਼ ਪੰਜਾਬ
26 ਮਾਰਚ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ ਹੈ। ਅੱਜ ਤੋਂ ਅਗਲੇ ਦੋ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਗਰਜ-ਤੂਫ਼ਾਨ, ਬਿਜਲੀ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲਣ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.3 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.4 ਡਿਗਰੀ ਵੱਧ ਹੈ। ਗੁਰਦਾਸਪੁਰ ਵਿੱਚ ਸਭ ਤੋਂ ਵੱਧ ਤਾਪਮਾਨ 32.5 ਡਿਗਰੀ ਸੈਲਸੀਅਸ ਰਿਕਾਰਡ ਕੀਤਾ ਗਿਆ।
ਮੌਸਮ ਵਿਭਾਗ ਮੁਤਾਬਕ ਸੂਬੇ ਦੇ ਕਈ ਜ਼ਿਲ੍ਹਿਆਂ—ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਬਠਿੰਡਾ, ਮੋਗਾ, ਮਾਨਸਾ ਅਤੇ ਸੰਗਰੂਰ ਸਮੇਤ ਕੁੱਲ 13 ਜ਼ਿਲ੍ਹਿਆਂ ਵਿੱਚ ਗਰਜ-ਚਮਕ ਨਾਲ ਮੀਂਹ ਅਤੇ ਤੇਜ਼ ਹਵਾਵਾਂ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਚੇਤਾਵਨੀ ਦਿੱਤੀ ਹੈ ਕਿ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ ਤੋਂ ਦੂਰ ਰਹਿਣ। ਖਾਸ ਕਰਕੇ ਕਿਸਾਨਾਂ ਅਤੇ ਡਰਾਈਵਰਾਂ ਨੂੰ ਵੱਧ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ।
ਮਾਹਿਰਾਂ ਅਨੁਸਾਰ ਪਾਕਿਸਤਾਨ ਦੇ ਨੇੜੇ ਹਵਾ ਵਿੱਚ ਬਣੀ ਹਲਚਲ ਅਤੇ ਉੱਪਰੀ ਪੱਧਰ ‘ਤੇ ਤੇਜ਼ ਹਵਾਵਾਂ ਕਾਰਨ 26 ਮਾਰਚ ਤੋਂ ਇੱਕ ਪੱਛਮੀ ਗੜਬੜ ਸਰਗਰਮ ਹੋ ਰਹੀ ਹੈ। ਇਸ ਤੋਂ ਬਾਅਦ 28 ਮਾਰਚ ਦੀ ਰਾਤ ਨੂੰ ਇੱਕ ਹੋਰ ਗੜਬੜ ਆਵੇਗੀ, ਜਿਸ ਨਾਲ ਪੰਜਾਬ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਮੀਂਹ, ਤੇਜ਼ ਹਵਾਵਾਂ ਅਤੇ ਗਰਜ-ਤੂਫ਼ਾਨ ਵਾਲਾ ਮੌਸਮ ਬਣਿਆ ਰਹੇਗਾ।
