ਨਿਊਜ਼ ਪੰਜਾਬ
3 ਅਪ੍ਰੈਲ 2026
ਚੰਡੀਗੜ੍ਹ ਵਿੱਚ ਭਾਜਪਾ ਦੇ ਸੂਬਾ ਦਫ਼ਤਰ ਵਿਖੇ ਹੋਏ ਧਮਾਕੇ ਤੋਂ ਬਾਅਦ ਸ਼ਹਿਰ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਕਾਫ਼ੀ ਵੱਧ ਗਈ ਹੈ। ਧਮਾਕੇ ਮਾਮਲੇ ਮਗਰੋਂ ਅਣਪਛਾਤੇ ਤੱਤਾਂ ਵਲੋਂ ਸ਼ਹਿਰ ਨੂੰ ਅੱਗ ਲਗਾਉਣ ਦੀ ਧਮਕੀ ਦਿੱਤੇ ਜਾਣ ਕਾਰਨ ਪੁਲਿਸ ਅਤੇ ਸੁਰੱਖਿਆ ਏਜੰਸੀਆਂ ਨੇ ਪੂਰੇ ਸ਼ਹਿਰ ਵਿੱਚ ਹਾਈ ਅਲਰਟ ਜਾਰੀ ਕਰ ਦਿੱਤਾ ਹੈ। ਯੂ.ਟੀ. ਪੁਲਿਸ ਵਲੋਂ ਸੰਵੇਦਨਸ਼ੀਲ ਇਲਾਕਿਆਂ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਮਹੱਤਵਪੂਰਨ ਸਰਕਾਰੀ ਇਮਾਰਤਾਂ, ਭੀੜ-ਭਾੜ ਵਾਲੇ ਸਥਾਨਾਂ ਅਤੇ ਸਿਆਸੀ ਪਾਰਟੀਆਂ ਦੇ ਦਫ਼ਤਰਾਂ ਦੇ ਆਲੇ-ਦੁਆਲੇ ਕੜੀ ਨਿਗਰਾਨੀ ਕੀਤੀ ਜਾ ਰਹੀ ਹੈ।
ਸ਼ਹਿਰ ਵਿੱਚ ਵੱਖ-ਵੱਖ ਥਾਵਾਂ ‘ਤੇ ਨਾਕਾਬੰਦੀ ਕਰਕੇ ਹਰ ਆਉਣ-ਜਾਣ ਵਾਲੇ ਵਾਹਨ ਦੀ ਚੈਕਿੰਗ ਕੀਤੀ ਜਾ ਰਹੀ ਹੈ। ਪੁਲਿਸ ਦੇ ਉੱਚ ਅਧਿਕਾਰੀਆਂ ਮੁਤਾਬਕ ਖੁਫੀਆ ਏਜੰਸੀਆਂ ਨੂੰ ਵੀ ਸੁਚੇਤ ਕਰ ਦਿੱਤਾ ਗਿਆ ਹੈ ਅਤੇ ਹਰ ਸ਼ੱਕੀ ਗਤੀਵਿਧੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਅਫ਼ਵਾਹਾਂ ਤੋਂ ਬਚਣ ਅਤੇ ਕਿਸੇ ਵੀ ਸ਼ੱਕੀ ਚੀਜ਼ ਜਾਂ ਵਿਅਕਤੀ ਬਾਰੇ ਤੁਰੰਤ ਪੁਲਿਸ ਨੂੰ ਸੂਚਿਤ ਕਰਨ। ਉਧਰ, ਧਮਾਕੇ ਦੀ ਘਟਨਾ ਦੀ ਜਾਂਚ ਤੇਜ਼ ਕਰ ਦਿੱਤੀ ਗਈ ਹੈ ਅਤੇ ਦੋਸ਼ੀਆਂ ਦੀ ਪਹਿਚਾਣ ਲਈ ਵੱਖ-ਵੱਖ ਪੱਖਾਂ ਤੋਂ ਤਫਤੀਸ਼ ਜਾਰੀ ਹੈ, ਜਿਸ ਵਿੱਚ ਜਲਦੀ ਹੀ ਅਹਿਮ ਖੁਲਾਸਿਆਂ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
