‘ਮਿਸ਼ਨ ਫ਼ਤਿਹ’ ਤਹਿਤ ਜਿਲ੍ਹਾ ਨਵਾਂਸ਼ਹਿਰ ਵਿੱਚ ਜਨ-ਜਾਗਰੂਕਤਾ ਮੁਹਿੰਮ ਸਪਤਾਹ 15 ਤੋਂ 21 ਜੂਨ ਤੱਕ

ਜ਼ਿਲ੍ਹੇ ਭਰ ਵਿਚ ਚੱਲਣ ਵਾਲੀ ਜਾਗਰੂਕਤਾ ਮੁਹਿੰਮ ਦਾ ਅਗਾਜ਼-ਸਹਾਇਕ ਕਮਿਸ਼ਨਰ ਦੀਪਜੋਤ ਨੇ ਪ੍ਰਚਾਰ ਵਾਹਨਾਂ ਨੂੰ ਕੀਤਾ ਰਵਾਨਾ-ਹਫ਼ਤਾ ਭਰ ਜ਼ਮੀਨੀ ਪੱਧਰ ’ਤੇ ਹੋਣਗੀਆਂ ਜਾਗਰੂਕ ਗਤੀਵਿਧੀਆਂ

ਨਿਊਜ਼ ਪੰਜਾਬ

ਨਵਾਂਸ਼ਹਿਰ, 14 ਜੂਨ- ਜ਼ਿਲ੍ਹੇ ’ਚ ਮਿਸ਼ਨ ਫ਼ਹਿਤ ਤਹਿਤ ਕੋਵਿਡ ਤੋਂ ਬਚਾਅ ਲਈ ਅਤੇ ਸੁਰੱਖਿਆ ਲਈ ਜ਼ਰੂਰੀ ਉਪਾਵਾਂ ਸਬੰਧੀ ਜ਼ਮੀਨੀ ਗਤੀਵਿਧੀਆਂ ਵਜੋਂ ਜਾਗਰੂਕਤਾ ਦੀ ਇਕ ਵੱਡੀ ਮੁਹਿੰਮ ਅੱਜ ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਅਤੇ ਬੰਗਾ ਦੇ ਐਸ ਡੀ ਐਮ ਦੀਪਜੋਤ ਕੌਰ ਨੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਤੋਂ ਸ਼ੁਰੂ ਕਰਵਾਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪੇਂਡੂ ਤੇ ਸ਼ਹਿਰੀ ਇਲਾਕਿਆਂ ਵਿਚ ਲੋਕਾਂ ਨੂੰ ਕੋਵਿਡ ਤੋਂ ਬਚਣ ਲਈ ਲੋੜੀਂਦੀਆਂ ਸਾਵਧਾਨੀਆਂ ਪ੍ਰਤੀ ਖਬਰਦਾਰ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵਾਹਨ ਜ਼ਿਲ੍ਹੇ ਦੇ ਹਰ ਪਿੰਡ ਤੇ ਸ਼ਹਿਰ ’ਚ ਜਾਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਰਾਜ ਨੂੰ ਕੋਵਿਡ ਤੋ ਮੁਕਤ ਕਰਨ ਲਈ ਚਲਾਈ ਗਈ ਜਨ-ਜਾਗਰੂਕਤਾ ਮੁਹਿੰਮ ‘ਮਿਸ਼ਨ ਫ਼ਤਿਹ’ ਤਹਿਤ ਜ਼ਿਲ੍ਹੇ ਵਿੱਚ ਜ਼ਮੀਨੀ ਗਤੀਵਿਧੀਆਂ ਸਪਤਾਹ 15 ਤੋਂ 21 ਜੂਨ ਤੱਕ ਮਨਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਮਿਸ਼ਨ ਫ਼ਤਿਹ ਦਾ ਮੰਤਵ ਲੋਕਾਂ ਨੂੰ ਕੋਰੋਨਾ ਵਾਇਰਸ ਤੋਂ ਬਚਣ ਲਈ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਸੁਝਾਈਆਂ ਗਈਆਂ ਸਾਵਧਾਨੀਆਂ ਦਾ ਅਮਲੀ ਰੂਪ ਵਿੱਚ ਪਾਲਣ ਕਰਵਾਉਣ ਲਈ ਜਾਗਰੂਕ ਕਰਨਾ ਹੈ। ਉਨ੍ਹਾਂ ਦੱਸਿਆ ਕਿ 15 ਜੂਨ ਨੂੰ ਅਧਿਕਾਰਿਤ ਤੌਰ ’ਤੇ ਮਿਸ਼ਨ ਫ਼ਤਿਹ ਤਹਿਤ ਹੋਣ ਵਾਲੀਆਂ ਜ਼ਮੀਨੀ ਗਤੀਵਿਧੀਆਂ ਦੀ ਅਰੰਭਤਾ ਕੀਤੀ ਜਾਵੇਗੀ।

ਉਨ੍ਹਾਂ ਸਪਤਾਹਿਕ ਗਤੀਵਿਧੀਆਂ ਦਾ ਵੇਰਵਾ ਦਿੰਦਿਆਂ ਦੱਸਿਆ ਕਿ 15 ਜੂਨ ਨੂੰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਯੋਧਿਆਂ ਨੂੰ ਸਰਕਾਰ ਵਲੋਂ ਮਿਸ਼ਨ ਫ਼ਤਿਹ ਦਾ ਪ੍ਰਤੀਕ ਬੈਜ ਦੇਣ ਦੀ ਰਸਮ ਨਿਭਾਈ ਜਾਵੇਗੀ। ਕੋਰੋਨਾ ਯੋਧਿਆਂ ਵਲੋਂ ਇਹ ਬੈਜ ਲਗਾਕੇ ਅਤੇ ਮਾਸਕ ਪਾ ਕੇ ਆਪਣੀ ਸੈਲਫ਼ੀ ਖਿੱਚ ਕੇ ਕੋਵਾ ਐਪ ’ਤੇ ਅਪਲੋਡ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ। ਇਨ੍ਹਾਂ ਕੋਰੋਨਾ ਯੋਧਿਆਂ ਵਿੱਚ ਪ੍ਰਸ਼ਾਸਨਿਕ, ਪੁਲਿਸ, ਡਾਕਟਰ, ਮੈਡੀਕਲ ਸਟਾਫ਼, ਆਸ਼ਾ ਵਰਕਰ, ਆਂਗਨਵਾੜੀ ਵਰਕਰ, ਸਫ਼ਾਈ ਵਰਕਰ, ਜੀ ਓ ਜੀਜ਼, ਸਰਪੰਚ, ਸਵੈ ਸੇਵੀ ਸੰਗਠਨ ਆਦਿ ਸ਼ਾਮਿਲ ਹੋਣਗੇ। ਇਸ ਤੋਂ ਬਾਅਦ 16 ਜੂਨ ਨੂੰ ਆਂਗਨਵਾੜੀ ਵਰਕਰਾਂ ਵਲੋਂ ਬੈਜ ਲਗਾ ਕੇ ਆਪੋ ਆਪਣੇ ਪਿੰਡ ਦੇ ਆਂਗਨਵਾੜੀਆਂ ਵਿੱਚ ਆਉਣ ਵਾਲੇ ਬੱਚਿਆਂ ਦੇ ਘਰਾਂ ਦਾ ਦੌਰਾ ਕੀਤਾ ਜਾਵੇਗਾ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਲਈ ਸਾਵਧਾਨੀਆਂ ਦੱਸ ਕੇ ਪ੍ਰੇਰਿਤ ਕੀਤਾ ਜਾਵੇਗਾ। 17 ਜੂਨ ਨੂੰ ਪਿੰਡਾਂ ਦੇ ਸਰਪੰਚਾਂ ਵਲੋਂ ਬੈਜ ਲਗਾ ਕੇ ਪਿੰਡ ਦੇ ਲੋਕਾਂ ਨੂੰ ਮਿਲਿਆ ਜਾਵੇਗਾ ਅਤੇ ਕੋਵਿਡ ਦੀ ਰੋਕਥਾਮ ਲਈ ਅਹਿਮ ਬਚਾਅ ਪ੍ਰਬੰਧਾਂ ਬਾਰੇ ਜਾਗਰੂਕ ਕੀਤਾ ਜਾਵੇਗਾ। 18 ਜੂਨ ਨੂੰ ਜ਼ਿਲ੍ਹੇ ਵਿੱਚ ਮੁੜ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ। ਜ਼ਿਲ੍ਹੇ ਦੀਆਂ ਐਨ.ਜੀ.ਓਜ਼. ਵਲੋਂ ਬੈਜ ਲਗਾ ਕੇ ਆਪੋ ਆਪਣੇ ਇਲਾਕੇ ਵਿੱਚ ਅਜਿਹੀਆਂ ਜਾਗਰੂਕ ਗਤੀਵਿਧੀਆਂ 19 ਜੂਨ ਨੂੰ ਕੀਤੀਆਂ ਜਾਣਗੀਆਂ। ਜ਼ਿਲ੍ਹਾ ਪੁਲਿਸ ਵਲੋਂ ਬੈਜ ਲਗਾ ਕੇ ਲੋਕਾਂ ਨੂੰ ਕੋਵਿਡ ਪ੍ਰਤੀ ਸਾਵਧਾਨ ਕਰਨ ਦੀ ਗਤੀਵਿਧੀ ਦਾ ਦਿਨ 20 ਜੂਨ ਮਿਥਿਆ ਗਿਆ ਹੈ, ਜਦਕਿ ਨਗਰ ਕੌਂਸਲਾਂ ਵਲੋਂ ਰੈਜੀਡੈਂਟ ਵੈਲਫੇਅਰ ਕਮੇਟੀਆਂ ਤੇ ਸ਼ਹਿਰੀਆਂ ਰਾਹੀਂ ਜਾਗਰੂਕਤਾ ਮੁਹਿੰਮ 21 ਜੂਨ ਨੂੰ ਚਲਾਈ ਜਾਵੇਗੀ।

ਇਸ ਤੋਂ ਇਲਾਵਾ ਪੰਜਾਬ ਸਰਕਾਰ ਵਲੋਂ ਕੋਵਾ ਐਪ ‘ਤੇ ਕੋਵਿਡ ਦੀਆਂ ਸਾਵਧਾਨੀਆਂ ਤਹਿਤ ਆਪਣੀ ਫੋਟੋ ਅਪਲੋਡ ਕਰਨ ਵਾਲੇ ਵਿਅਕਤੀ/ਸੰਸਥਾ ਦੀ ਚੋਣ ਸੂਬਾਈ ਪੱਧਰ ‘ਤੇ ਕੀਤੀ ਜਾਵੇਗੀ, ਜਿਸ ਦੀ ਸੂਚੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਭੇਜੀ ਜਾਵੇਗੀ ਤਾਂ ਜੋ ਉਨ੍ਹਾਂ ਨੂੰ ਬੈਜ ਅਤੇ ਟੀ-ਸ਼ਰਟ ਰਾਹੀਂ ਹੌਸਲਾ ਅਫ਼ਜਾਈ ਕੀਤੀ ਜਾ ਸਕੇ।

ਉਨ੍ਹਾਂ ਅੱਗੇ ਦੱਸਿਆ ਕਿ ਕੋਵਾ ਐਪ ਰਾਹੀਂ ਮਿਸ਼ਨ ਫਤਿਹ ਯੋਧਿਆਂ ਦੀ ਚੋਣ ਹੋਵੇਗੀ। ਇਸ ਮੁਕਾਬਲੇ ਵਿਚ ਭਾਗ ਲੈਣ ਲਈ ਲੋਕ ਕੋਵਾ ਐਪ ਆਪਣੇ ਮੋਬਾਇਲ ਵਿਚ ਡਾਊਨਲੋਡ ਕਰਨ ਅਤੇ ਇਸ ਤਹਿਤ ਕੋਵਾ ਐਪ ’ਤੇ ਰਜਿਸਟ੍ਰੇਸ਼ਨ 17 ਜੂਨ ਤੋਂ ਸ਼ੁਰੂ ਹੋਵੇਗੀ।

===========================

ਫ਼ੋਟੋ ਕੈਪਸ਼ਨ: ਜ਼ਿਲ੍ਹੇ ਦੇ ਸਹਾਇਕ ਕਮਿਸ਼ਨਰ ਅਤੇ ਬੰਗਾ ਦੇ ਐਸ ਡੀ ਐਮ ਦੀਪਜੋਤ ਕੌਰ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਨਵਾਂਸ਼ਹਿਰ ਤੋਂ ਜ਼ਿਲ੍ਹੇ ’ਚ ਮਿਸ਼ਨ ਫ਼ਤਿਹ ਤਹਿਤ ਜਾਗਰੂਕਤਾ ਮੁਹਿੰਮ ਨੂੰ ਰਵਾਨਾ ਕਰਦੇ ਹੋਏ।