ਵਿਸਾਖੀ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ‘ਤੇ ਨਵੀਂ ਦਰਸ਼ਨੀ ਡਿਉਢੀ ਕੌਮ ਨੂੰ ਸਮਰਪਿਤ

ਨਿਊਜ਼ ਪੰਜਾਬ

14 ਅਪ੍ਰੈਲ 2026

ਵਿਸਾਖੀ ਅਤੇ ਖ਼ਾਲਸਾ ਸਾਜਨਾ ਦਿਵਸ ਦੇ ਪਾਵਨ ਮੌਕੇ ‘ਤੇ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸਜਾਏ ਗਏ ਜੋੜ ਮੇਲ ਦੌਰਾਨ ਅੱਜ ਤੜਕਸਾਰ ਮਹੱਤਵਪੂਰਨ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਟੇਕ ਸਿੰਘ ਨੇ ਕਾਰ ਸੇਵਾ ਭੂਰੀ ਵਾਲਿਆਂ ਵੱਲੋਂ ਤਿਆਰ ਕੀਤੀ ਗਈ ਨਵੀਂ ਦਰਸ਼ਨੀ ਡਿਉਢੀ ਦਾ ਉਦਘਾਟਨ ਕਰਕੇ ਇਸਨੂੰ ਸੰਗਤਾਂ ਨੂੰ ਸਮਰਪਿਤ ਕੀਤਾ। ਸਮਾਗਮ ਦੌਰਾਨ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਜਗਤਾਰ ਸਿੰਘ ਨੇ ਅਰਦਾਸ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਪ੍ਰਧਾਨ ਧਾਮੀ ਨੇ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਦਾ ਧੰਨਵਾਦ ਕਰਦੇ ਹੋਏ ਉਨ੍ਹਾਂ ਦੀਆਂ ਪੰਥਕ ਸੇਵਾਵਾਂ ਦੀ ਭਰਪੂਰ ਸ਼ਲਾਘਾ ਕੀਤੀ। ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ਮੈਂਬਰ ਮੋਹਨ ਸਿੰਘ ਬੰਗੀ ਸਮੇਤ ਕਈ ਹੋਰ ਪ੍ਰਮੁੱਖ ਸਖ਼ਸ਼ੀਅਤਾਂ ਵੀ ਮੌਜੂਦ ਰਹੀਆਂ।