ਨਿਊਜ਼ ਪੰਜਾਬ
16 ਅਪ੍ਰੈਲ 2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਪਿਛਲੇ ਕੁਝ ਦਿਨਾਂ ਦੌਰਾਨ ਗਰਮੀ ਵਿੱਚ ਲਗਾਤਾਰ ਵਾਧਾ ਦਰਜ ਕੀਤਾ ਗਿਆ ਹੈ, ਪਰ ਅੱਜ ਤੋਂ ਮੌਸਮ ਵਿੱਚ ਤਬਦੀਲੀ ਆਉਣ ਦੀ ਸੰਭਾਵਨਾ ਬਣ ਗਈ ਹੈ। ਮੌਸਮ ਵਿਭਾਗ ਮੁਤਾਬਕ ਇੱਕ ਪੱਛਮੀ ਗੜਬੜੀ ਪਹਾੜੀ ਇਲਾਕਿਆਂ ਤੱਕ ਪਹੁੰਚ ਗਈ ਹੈ, ਜਿਸ ਦੇ ਪ੍ਰਭਾਵ ਨਾਲ ਅੱਜ ਪਠਾਨਕੋਟ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਕੁਝ ਹਿੱਸਿਆਂ ਵਿੱਚ ਹਲਕੀ ਬਾਰਿਸ਼ ਹੋ ਸਕਦੀ ਹੈ। ਇਸਦੇ ਬਾਵਜੂਦ ਤਾਪਮਾਨ ਵਿੱਚ ਵਾਧਾ ਜਾਰੀ ਰਹੇਗਾ। ਬੁੱਧਵਾਰ ਦੇ ਮੁਕਾਬਲੇ ਤਾਪਮਾਨ ਵਿੱਚ 1.3 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ ਹੈ, ਜੋ ਆਮ ਨਾਲੋਂ 2.6 ਡਿਗਰੀ ਜ਼ਿਆਦਾ ਹੈ। ਪਟਿਆਲਾ ਵਿੱਚ ਸਭ ਤੋਂ ਵੱਧ 38.3 ਡਿਗਰੀ ਅਤੇ ਚੰਡੀਗੜ੍ਹ ਵਿੱਚ 36.8 ਡਿਗਰੀ ਤਾਪਮਾਨ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਪੱਛਮੀ ਗੜਬੜੀ ਅਤੇ ਚੱਕਰਵਾਤੀ ਸਰਕੂਲੇਸ਼ਨ ਦੇ ਕਾਰਨ ਬਣੇ ਟ੍ਰੈਫ਼ ਨਾਲ ਮੌਸਮ ਵਿੱਚ ਬਦਲਾਅ ਆਵੇਗਾ, ਜਿਸ ਕਾਰਨ ਸ਼ਾਮ ਤੱਕ ਕੁਝ ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਅੰਮ੍ਰਿਤਸਰ, ਪਠਾਨਕੋਟ ਤੇ ਹੁਸ਼ਿਆਰਪੁਰ ਵਿੱਚ ਇੱਕ-ਦੋ ਥਾਵਾਂ ‘ਤੇ ਬਾਰਿਸ਼ ਦੇ ਚਾਂਸ ਹਨ, ਨਾਲ ਹੀ ਦਿਨ ਦੌਰਾਨ ਹਵਾਵਾਂ ਵੀ ਚੱਲਣਗੀਆਂ।
