ਨਿਊਜ਼ ਪੰਜਾਬ
19 ਅਪ੍ਰੈਲ 2026
ਤਰਨਤਾਰਨ ਦੇ ਪਿੰਡ ਗੰਡੀਵਿੰਡ ਧੱਤਲ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿੱਥੇ 60 ਸਾਲਾ ਬਜ਼ੁਰਗ ਕਿਸਾਨ ਆਤਮਾ ਸਿੰਘ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮੁਲਜ਼ਮਾਂ ਨੇ ਬੜੀ ਚਾਲਾਕੀ ਨਾਲ ਉਨ੍ਹਾਂ ਨੂੰ ਘਰ ਤੋਂ ਬਾਹਰ ਬੁਲਾਇਆ ਅਤੇ ਦਰਵਾਜ਼ੇ ਕੋਲ ਪਹੁੰਚਦੇ ਹੀ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।
ਮ੍ਰਿਤਕ ਦੇ ਰਿਸ਼ਤੇਦਾਰਾਂ ਮੁਤਾਬਕ, ਦੋ ਮੋਟਰਸਾਈਕਲ ਸਵਾਰ ਹਮਲਾਵਰ ਆਤਮਾ ਸਿੰਘ ਨੂੰ ਘਰੋਂ ਬੁਲਾਉਣ ਆਏ ਸਨ। ਜਿਵੇਂ ਹੀ ਉਹ ਬਾਹਰ ਆਏ, ਇੱਕ ਗੋਲੀ ਸਿੱਧੀ ਉਨ੍ਹਾਂ ਦੇ ਮੱਥੇ ‘ਚ ਲੱਗੀ, ਜਿਸ ਨਾਲ ਉਹ ਮੌਕੇ ‘ਤੇ ਹੀ ਢੇਰ ਹੋ ਗਏ। ਵਾਰਦਾਤ ਤੋਂ ਬਾਅਦ ਦੋਵੇਂ ਹਮਲਾਵਰ ਮੋਟਰਸਾਈਕਲ ‘ਤੇ ਫਰਾਰ ਹੋ ਗਏ।
ਆਤਮਾ ਸਿੰਘ ਪੰਜਾਬ ਰੋਡਵੇਜ਼ ਤੋਂ ਸੇਵਾਮੁਕਤ ਕਰਮਚਾਰੀ ਸਨ ਅਤੇ ਆਪਣੇ ਪਿੱਛੇ ਪਤਨੀ, ਇੱਕ ਧੀ ਅਤੇ ਦੋ ਪੁੱਤਰ ਛੱਡ ਗਏ ਹਨ। ਘਟਨਾ ਦੀ ਇੱਕ ਸੀਸੀਟੀਵੀ ਵੀ ਸਾਹਮਣੇ ਆਈ ਹੈ, ਜਿਸ ਵਿੱਚ ਦੋਵੇਂ ਸ਼ੱਕੀ ਵਿਅਕਤੀ ਗਲੀ ਵਿੱਚ ਘੁੰਮਦੇ ਅਤੇ ਲੋਕਾਂ ਕੋਲੋਂ ਪੁੱਛਗਿੱਛ ਕਰਦੇ ਨਜ਼ਰ ਆ ਰਹੇ ਹਨ।ਪੁਲਿਸ ਨੇ ਸੀਸੀਟੀਵੀ ਫੁਟੇਜ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਜਾਰੀ ਹੈ। ਇਹ ਘਟਨਾ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਕਰ ਰਹੀ ਹੈ ਅਤੇ ਕਾਨੂੰਨ-ਵਿਵਸਥਾ ‘ਤੇ ਵੀ ਗੰਭੀਰ ਸਵਾਲ ਖੜ੍ਹੇ ਕਰ ਰਹੀ ਹੈ।
