ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਮੀਟਿੰਗ ’ਚ ਰਾਜੋਆਣਾ ਮਾਮਲਾ, BBMB ਵਿਵਾਦ ਅਤੇ ਗੁਰੂ ਰਵਿਦਾਸ ਜੀ ਸ਼ਤਾਬਦੀ ’ਤੇ ਅਹਿਮ ਫੈਸਲੇ

ਨਿਊਜ਼ ਪੰਜਾਬ

20 ਅਪ੍ਰੈਲ 2026

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਹੋਈ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਦੌਰਾਨ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ ’ਚ ਅਕਾਲ ਤਖ਼ਤ ਸਾਹਿਬ ਤੋਂ ਯੋਗ ਆਦੇਸ਼ ਮੰਗਣ ਦਾ ਫੈਸਲਾ ਕੀਤਾ ਗਿਆ। ਇਸਦੇ ਨਾਲ ਹੀ ਭਾਖੜਾ ਬਿਆਸ ਮੈਨੇਜਮੈਂਟ ਬੋਰਡ(BBMB) ਵਿੱਚ ਪੰਜਾਬ ਦੀ ਨੁਮਾਇੰਦਗੀ ਘਟਾਉਣ ’ਤੇ ਚਿੰਤਾ ਜਤਾਈ ਗਈ ਅਤੇ ਕੇਂਦਰ ਨੂੰ ਪੰਜਾਬ ਦੇ ਹੱਕਾਂ ’ਚ ਦਖਲਅੰਦਾਜ਼ੀ ਤੋਂ ਰੋਕਣ ਦੀ ਅਪੀਲ ਕੀਤੀ ਗਈ। ਮੀਟਿੰਗ ’ਚ Guru Ravidas ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਲਈ ਸਬ-ਕਮੇਟੀ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ, ਜਦਕਿ Sri Kiratpur Sahib ਦੇ 400 ਸਾਲਾ ਸਥਾਪਨਾ ਦਿਵਸ ਦੇ ਸਮਾਗਮਾਂ ’ਤੇ ਵੀ ਵਿਚਾਰ ਕੀਤਾ ਗਿਆ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਕੰਗ ਆਦਿ ਮੌਜੂਦ ਸਨ।