ਨਿਊਜ਼ ਪੰਜਾਬ
3 ਮਈ 2026
ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਅੰਮ੍ਰਿਤਸਰ ਵਿਖੇ ਭਾਈ ਗੁਰਦਾਸ ਹਾਲ ਵਿੱਚ ਹੋਏ ਵੱਡੇ ਪੰਥਕ ਇਕੱਠ ਦੌਰਾਨ ਸਿੱਖ ਜਥੇਬੰਦੀਆਂ ਅਤੇ ਆਗੂਆਂ ਨੇ ਸਰਬਸੰਮਤੀ ਨਾਲ ਪੰਜਾਬ ਸਰਕਾਰ ਵੱਲੋਂ ਬਣਾਏ ‘ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਾਨੂੰਨ 2026’ ਨੂੰ ਰੱਦ ਕਰ ਦਿੱਤਾ। ਇਕੱਠ ਦੀ ਅਗਵਾਈ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕੀਤੀ, ਜਿਸ ਵਿੱਚ ਸਿੱਖ ਆਗੂਆਂ, ਵਿਦਵਾਨਾਂ ਅਤੇ ਜਥੇਬੰਦੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।
ਇਸ ਦੌਰਾਨ ਕਾਨੂੰਨ ਨੂੰ ਪੰਥ ‘ਤੇ ਥੋਪਿਆ ਹੋਇਆ ਕਰਾਰ ਦਿੰਦੇ ਹੋਏ ਸਖਤ ਵਿਰੋਧ ਕੀਤਾ ਗਿਆ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਤਲਬ ਕੀਤਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਪੀਕਰ ਨੂੰ 8 ਮਈ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦਾ ਹੁਕਮ ਕੀਤਾ ਹੈ।
ਜਥੇਦਾਰ ਗੜਗੱਜ ਨੇ ਸਵਾਲ ਉਠਾਇਆ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖ ਪੰਥ ਦੀ ਪ੍ਰਵਾਨਗੀ ਤੋਂ ਬਿਨਾਂ ਕਾਨੂੰਨ ਕਿਉਂ ਬਣਾਇਆ, ਜਦਕਿ ਪੰਥ ਆਪਣੇ ਧਾਰਮਿਕ ਮਾਮਲਿਆਂ ਵਿੱਚ ਖੁਦ ਫੈਸਲੇ ਕਰਨ ਦੇ ਸਮਰੱਥ ਹੈ। ਨਾਲ ਹੀ ਬੇਅਦਬੀ ਦੇ ਵੱਧ ਰਹੇ ਮਾਮਲਿਆਂ ‘ਤੇ ਚਿੰਤਾ ਜਤਾਉਂਦਿਆਂ ਦੋਸ਼ੀਆਂ ਦੀ ਗ੍ਰਿਫਤਾਰੀ ਨਾ ਹੋਣ ‘ਤੇ ਵੀ ਸਵਾਲ ਖੜੇ ਕੀਤੇ ਗਏ।
