ਪੰਜਾਬ ‘ਚ ਕਿਸਾਨ ਮਜ਼ਦੂਰ ਮੋਰਚਾ ਦਾ ਵੱਡਾ ਐਲਾਨ, 12 ਤੇ 18 ਮਈ ਨੂੰ ਸੂਬਾ ਪੱਧਰੀ ਧਰਨੇ

ਨਿਊਜ਼ ਪੰਜਾਬ

5 ਮਈ 2026

ਚੰਡੀਗੜ੍ਹ ਦੇ ਕਿਸਾਨ ਭਵਨ ਵਿੱਚ ਹੋਈ ਵਿਸ਼ੇਸ਼ ਇਕੱਤਰਤਾ ਤੋਂ ਬਾਅਦ ਕਿਸਾਨ ਮਜ਼ਦੂਰ ਮੋਰਚਾ ਨੇ ਸਹਿਕਾਰੀ ਸਭਾਵਾਂ ਦੀਆਂ ਕਰਜ਼ਾ ਹੱਦਾਂ ਵਧਾਉਣ ਅਤੇ ਹੋਰ ਲਟਕਦੀਆਂ ਮੰਗਾਂ ਨੂੰ ਲੈ ਕੇ ਪੰਜਾਬ ਭਰ ਵਿੱਚ ਵੱਡੇ ਪੱਧਰ ‘ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ। ਆਗੂਆਂ ਨੇ ਦੱਸਿਆ ਕਿ 12 ਅਤੇ 18 ਮਈ ਨੂੰ ਸੂਬਾ ਪੱਧਰੀ ਧਰਨੇ ਦਿੱਤੇ ਜਾਣਗੇ। ਇਸ ਦੇ ਨਾਲ ਹੀ ਸਰਕਾਰ ਨੂੰ ਸ਼ੰਭੂ ਅਤੇ ਖਨੌਰੀ ਬਾਰਡਰ ਦੇ ਨੁਕਸਾਨ ਦੀ ਭਰਪਾਈ ਅਤੇ ਗੰਨੇ ਦੇ ਬਕਾਏ ਜਾਰੀ ਕਰਨ ਲਈ ਇੱਕ ਮਹੀਨੇ ਦਾ ਅਲਟੀਮੇਟਮ ਦਿੱਤਾ ਗਿਆ ਹੈ। ਆਗੂ ਸਰਵਣ ਸਿੰਘ ਪੰਧੇਰ ਨੇ ਚੇਤਾਵਨੀ ਦਿੱਤੀ ਕਿ ਜੇ ਮੰਗਾਂ ਪੂਰੀਆਂ ਨਾ ਹੋਈਆਂ ਤਾਂ ਹਜ਼ਾਰਾਂ ਪਿੰਡਾਂ ਵਿੱਚ ਸਰਕਾਰ ਵਿਰੁੱਧ ਵੱਡਾ ਮੋਰਚਾ ਖੋਲ੍ਹਿਆ ਜਾਵੇਗਾ। 18 ਮਈ ਨੂੰ ਸੰਘਰਸ਼ ਦੇ ਅਗਲੇ ਪੜਾਅ ਤਹਿਤ ਜ਼ਿਲ੍ਹਾ ਮੁੱਖਾਲਿਆਂ ‘ਤੇ ਕਾਰਪੋਰੇਟ ਦਫਤਰਾਂ ਦਾ ਘਿਰਾਓ ਵੀ ਕੀਤਾ ਜਾਵੇਗਾ। ਨਾਲ ਹੀ ਮੋਰਚੇ ਨੇ 3.77 ਕਰੋੜ ਦੇ ਨੁਕਸਾਨ ਦੀ ਭਰਪਾਈ ਅਤੇ ਗੰਨੇ ਦੇ 230 ਕਰੋੜ ਰੁਪਏ ਦੇ ਬਕਾਏ ਤੁਰੰਤ ਜਾਰੀ ਕਰਨ ਦੀ ਮੰਗ ਦੁਹਰਾਈ ਹੈ।