ਚੰਡੀਗੜ੍ਹ ਸਰਹੱਦ ’ਤੇ ਕਿਸਾਨਾਂ-ਪੁਲਿਸ ਵਿਚਾਲੇ ਝੜਪ,ਕਿਸਾਨਾਂ ‘ਤੇ ਸੁੱਟੇ ਅਥਰੂ ਗੈਸ ਦੇ ਗੋਲੇ ਤੇ ਪਾਣੀ ਦੀਆਂ ਬੌਛਾਰਾਂ

ਨਿਊਜ਼ ਪੰਜਾਬ

15 ਮਈ 2026

ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਉਸ ਵੇਲੇ ਤਣਾਅਪੂਰਨ ਮਾਹੌਲ ਬਣ ਗਿਆ ਜਦੋਂ ਪੰਜਾਬ ਦੇ ਕਿਸਾਨ ਰਾਜ ਭਵਨ ਵੱਲ ਮਾਰਚ ਕਰਨ ਲਈ ਪਹੁੰਚੇ ਅਤੇ ਪੁਲਿਸ ਨਾਲ ਉਨ੍ਹਾਂ ਦੀ ਝੜਪ ਹੋ ਗਈ। ਕਿਸਾਨ ਕਰਜ਼ਾ ਸੀਮਾ ਵਧਾਉਣ, ਸਾਰੀਆਂ ਫਸਲਾਂ ‘ਤੇ ਐਮਐਸਪੀ ਦੀ ਕਾਨੂੰਨੀ ਗਰੰਟੀ ਅਤੇ ਹੋਰ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਸਥਿਤੀ ਨੂੰ ਦੇਖਦਿਆਂ ਚੰਡੀਗੜ੍ਹ ਪੁਲਿਸ ਨੇ ਪੰਜਾਬ ਨਾਲ ਲੱਗਦੀਆਂ ਸਰਹੱਦਾਂ ‘ਤੇ ਬੈਰੀਕੇਡ ਲਗਾ ਕੇ ਉਨ੍ਹਾਂ ਨੂੰ ਸੀਲ ਕਰ ਦਿੱਤਾ ਅਤੇ ਕਈ ਥਾਵਾਂ ‘ਤੇ ਟ੍ਰੈਫਿਕ ਵੀ ਡਾਇਵਰਟ ਕਰ ਦਿੱਤਾ ਗਿਆ।

ਕਿਸਾਨਾਂ ਨੂੰ ਰੋਕਣ ਲਈ ਪੁਲਿਸ ਵੱਲੋਂ ਅੱਥਰੂ ਗੈਸ ਦੇ ਗੋਲੇ ਛੱਡੇ ਗਏ ਅਤੇ ਪਾਣੀ ਦੀਆਂ ਬੌਛਾਰਾਂ ਵੀ ਕੀਤੀਆਂ ਗਈਆਂ। ਚੰਡੀਗੜ੍ਹ ਪੁਲਿਸ ਦਾ ਕਹਿਣਾ ਹੈ ਕਿ ਹਾਲਾਤਾਂ ‘ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਐਸਐਸਪੀ ਸਮੇਤ ਸੀਨੀਅਰ ਅਧਿਕਾਰੀ ਮੌਕੇ ‘ਤੇ ਮੌਜੂਦ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪਿੱਛੇ ਚੰਡੀਗੜ੍ਹ ਜਾਣ ਵਾਲੀ ਸੜਕ ਅਤੇ ਮਟੌਰ ਬੈਰੀਅਰ ‘ਤੇ ਆਵਾਜਾਈ ਨੂੰ ਡਾਇਵਰਟ ਕੀਤਾ ਗਿਆ ਹੈ, ਹਾਲਾਂਕਿ ਹੋਰ ਥਾਵਾਂ ‘ਤੇ ਟ੍ਰੈਫਿਕ ਆਮ ਵਾਂਗ ਚੱਲ ਰਹੀ ਹੈ।

ਕਿਸਾਨਾਂ ਦੀਆਂ ਮੁੱਖ ਮੰਗਾਂ ਵਿੱਚ ‘ਬਿਜਲੀ ਸੋਧ ਬਿੱਲ 2025’ ਅਤੇ ‘ਬੀਜ ਐਕਟ 2025’ ਨੂੰ ਰੱਦ ਕਰਨਾ, ਸਹਿਕਾਰੀ ਕਰਜ਼ਾ ਸੀਮਾਵਾਂ ਨੂੰ ਬਹਾਲ ਕਰਨਾ ਅਤੇ ਝੋਨੇ ਦੇ ਸੀਜ਼ਨ ਦੌਰਾਨ ਪੂਰੀ ਬਿਜਲੀ ਤੇ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨ ‘ਦਰਿਆ ਦੇ ਪਾਣੀ’ ਦੀ ਵੰਡ ਰਿਪੇਰੀਅਨ ਸਿਧਾਂਤ ਅਨੁਸਾਰ ਕਰਨ ਅਤੇ ‘ਪੰਜਾਬ ਪੁਨਰਗਠਨ ਐਕਟ’ ਦੀਆਂ ਕੁਝ ਧਾਰਾਵਾਂ ਰੱਦ ਕਰਨ ਦੀ ਵੀ ਮੰਗ ਕਰ ਰਹੇ ਹਨ।