ਨਿਊਜ਼ ਪੰਜਾਬ
ਮੌਸਮ ਵਿਭਾਗ,30 ਮਈ 2026
ਸ਼ਨੀਵਾਰ ਨੂੰ ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਅਚਾਨਕ ਕਰਵਟ ਲੈ ਲਈ। ਪਠਾਨਕੋਟ ਵਿੱਚ ਤੜਕੇ ਗੜੇਮਾਰੀ ਅਤੇ ਭਾਰੀ ਮੀਂਹ ਕਾਰਨ ਕਈ ਇਲਾਕਿਆਂ ਵਿੱਚ ਪਾਣੀ ਭਰ ਗਿਆ, ਜਦਕਿ ਚੰਡੀਗੜ੍ਹ, ਮੋਹਾਲੀ ਅਤੇ ਜਲੰਧਰ ਵਿੱਚ ਵੀ ਮੀਂਹ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਅਗਲੇ ਕੁਝ ਘੰਟਿਆਂ ਦੌਰਾਨ ਮੀਂਹ ਅਤੇ ਤੇਜ਼ ਹਵਾਵਾਂ ਦੀ ਚੇਤਾਵਨੀ ਜਾਰੀ ਕੀਤੀ ਹੈ।ਇਨ੍ਹਾਂ ਵਿੱਚ ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ (ਰਾਜਪੁਰਾ), ਰੂਪਨਗਰ, ਲੁਧਿਆਣਾ, ਜਲੰਧਰ, ਕਪੂਰਥਲਾ, ਤਰਨਤਾਰਨ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਗੁਰਦਾਸਪੁਰ ਅਤੇ ਪਠਾਨਕੋਟ ਸ਼ਾਮਲ ਹਨ।
ਇਸ ਦੇ ਨਾਲ ਹੀ ਕੁਝ ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਗਿਆਨ ਕੇਂਦਰ ਅਨੁਸਾਰ ਪਹਾੜੀ ਖੇਤਰਾਂ ਵਿੱਚ ਮੀਂਹ ਕਾਰਨ ਤਾਪਮਾਨ ਵਿੱਚ ਗਿਰਾਵਟ ਆਈ ਹੈ ਅਤੇ 4 ਜੂਨ ਤੱਕ ਹੀਟ ਵੇਵ ਦੇ ਖਤਮ ਹੋਣ ਦੀ ਉਮੀਦ ਹੈ। ਇਸੇ ਦੌਰਾਨ, ਮਾਨਸੂਨ 25 ਜੂਨ ਤੱਕ ਪੰਜਾਬ ਪਹੁੰਚ ਸਕਦਾ ਹੈ, ਪਰ ਐਲ ਨੀਨੋ ਦੇ ਪ੍ਰਭਾਵ ਕਾਰਨ ਇਸ ਸਾਲ ਕੁਝ ਖੇਤਰਾਂ ਵਿੱਚ ਆਮ ਨਾਲੋਂ ਘੱਟ ਬਾਰਿਸ਼ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ।
