ਨਿਊਜ਼ ਪੰਜਾਬ
17 ਜੂਨ,2026
ਪੰਜਾਬ ਅਤੇ ਚੰਡੀਗੜ੍ਹ ਵਿੱਚ ਮੌਸਮ ਨੇ ਕਰਵਟ ਲੈ ਲਈ ਹੈ। ਮੌਸਮ ਵਿਭਾਗ ਨੇ 17 ਜੂਨ ਲਈ ਸੂਬੇ ਦੇ 16 ਜ਼ਿਲ੍ਹਿਆਂ ਵਿੱਚ ਗਰਜ-ਤੂਫ਼ਾਨ, ਬਿਜਲੀ ਚਮਕਣ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਹੈ।
ਵਿਭਾਗ ਅਨੁਸਾਰ ਕੁਝ ਇਲਾਕਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ, ਜਦਕਿ ਹਵਾਵਾਂ ਦੀ ਰਫ਼ਤਾਰ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਤੱਕ ਪਹੁੰਚ ਸਕਦੀ ਹੈ। ਮੌਸਮ ਵਿਗਿਆਨ ਕੇਂਦਰ ਚੰਡੀਗੜ੍ਹ ਮੁਤਾਬਕ 22 ਜੂਨ ਤੱਕ ਸੂਬੇ ਵਿੱਚ ਮੌਸਮ ਬਦਲਿਆ ਰਹਿਣ ਦੀ ਸੰਭਾਵਨਾ ਹੈ ਅਤੇ 18 ਜੂਨ ਤੋਂ ਆ ਰਹੀ ਨਵੀਂ ਪੱਛਮੀ ਗੜਬੜੀ ਕਾਰਨ ਮੀਂਹ ਅਤੇ ਗਰਜ-ਤੂਫ਼ਾਨ ਦੀਆਂ ਗਤੀਵਿਧੀਆਂ ਵਿੱਚ ਹੋਰ ਵਾਧਾ ਹੋ ਸਕਦਾ ਹੈ। ਲੋਕਾਂ ਨੂੰ ਖਰਾਬ ਮੌਸਮ ਦੌਰਾਨ ਖੁੱਲ੍ਹੀਆਂ ਥਾਵਾਂ, ਰੁੱਖਾਂ ਅਤੇ ਬਿਜਲੀ ਦੇ ਖੰਭਿਆਂ ਤੋਂ ਦੂਰ ਰਹਿਣ ਦੀ ਸਲਾਹ ਦਿੱਤੀ ਗਈ ਹੈ।
