ਨਿਊਜ਼ ਪੰਜਾਬ
18 ਜੂਨ 2026
ਚੰਡੀਗੜ੍ਹ ਦੇ ਸੈਕਟਰ-11 ਸਥਿਤ ਇੱਕ ਮੈਡੀਕਲ ਸਟੋਰ ਦੇ ਕੈਸ਼ੀਅਰ ਜਾਨਕੀ ਦਾਸ ਦੇ ਕਤਲ ਮਾਮਲੇ ਵਿੱਚ ਵੱਡੀ ਪ੍ਰਸ਼ਾਸਨਿਕ ਕਾਰਵਾਈ ਕਰਦਿਆਂ ਚੰਡੀਗੜ੍ਹ ਪੁਲਿਸ ਨੇ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ 5 ਪੁਲਿਸ ਮੁਲਾਜ਼ਮਾਂ ਨੂੰ ਮੁਅੱਤਲ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ ਮੁਅੱਤਲ ਕੀਤੇ ਗਏ ਕਰਮਚਾਰੀਆਂ ਵਿੱਚ ਤਿੰਨ ਮਹਿਲਾ ਪੁਲਿਸ ਮੁਲਾਜ਼ਮ, ਇੱਕ ਸਬ-ਇੰਸਪੈਕਟਰ (ਐੱਸਆਈ) ਅਤੇ ਇੱਕ ਸੀਨੀਅਰ ਕਾਂਸਟੇਬਲ ਸ਼ਾਮਲ ਹਨ। ਇਹ ਹੁਕਮ ਚੰਡੀਗੜ੍ਹ ਪੁਲਿਸ ਦੇ ਐੱਸਐੱਸਪੀ ਸੁਮੇਰ ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤੇ ਗਏ ਹਨ। ਗੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਦੋ ਅਣਪਛਾਤੇ ਨੌਜਵਾਨਾਂ ਨੇ ਮੈਡੀਕਲ ਸਟੋਰ ਵਿੱਚ ਦਾਖ਼ਲ ਹੋ ਕੇ ਕੈਸ਼ੀਅਰ ਜਾਨਕੀ ਦਾਸ ਦਾ ਕਤਲ ਕਰ ਦਿੱਤਾ ਸੀ, ਜਿਸ ਨਾਲ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਸੀ। ਘਟਨਾ ਤੋਂ ਬਾਅਦ ਪੁਲਿਸ ਵੱਲੋਂ ਜਾਂਚ ਸ਼ੁਰੂ ਕੀਤੀ ਗਈ ਅਤੇ ਮਾਮਲੇ ਦੀ ਪੜਤਾਲ ਦੌਰਾਨ ਕੁਝ ਪੁਲਿਸ ਕਰਮਚਾਰੀਆਂ ਦੀ ਕਾਰਗੁਜ਼ਾਰੀ ਅਤੇ ਡਿਊਟੀ ਪ੍ਰਤੀ ਲਾਪਰਵਾਹੀ ਸਾਹਮਣੇ ਆਉਣ ‘ਤੇ ਉਨ੍ਹਾਂ ਖ਼ਿਲਾਫ਼ ਇਹ ਸਖ਼ਤ ਕਾਰਵਾਈ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਹਰ ਪੱਖੋਂ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਦੋਸ਼ੀਆਂ ਨੂੰ ਜਲਦ ਕਾਬੂ ਕਰਨ ਲਈ ਟੀਮਾਂ ਲਗਾਤਾਰ ਛਾਪੇਮਾਰੀ ਕਰ ਰਹੀਆਂ ਹਨ। ਇਸ ਕਾਰਵਾਈ ਨੂੰ ਪੁਲਿਸ ਵਿਭਾਗ ਵਿੱਚ ਜਵਾਬਦੇਹੀ ਅਤੇ ਅਨੁਸ਼ਾਸਨ ਯਕੀਨੀ ਬਣਾਉਣ ਵੱਲ ਇੱਕ ਅਹਿਮ ਕਦਮ ਵਜੋਂ ਦੇਖਿਆ ਜਾ ਰਿਹਾ ਹੈ।
