ਪੰਜਾਬ ‘ਚ 24 ਤੋਂ 26 ਜੂਨ ਤੱਕ ਬੱਸਾਂ ਦੀ ਚੱਕਾ ਜਾਮ ਹੜਤਾਲ ਦਾ ਐਲਾਨ, ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ

ਨਿਊਜ਼ ਪੰਜਾਬ

20 ਜੂਨ,2026

ਲੁਧਿਆਣਾ ਵਿੱਚ ਹੋਈ ਰੋਡਵੇਜ਼-ਪਨਬੱਸ ਅਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਦੌਰਾਨ ਪੰਜਾਬ ਭਰ ਵਿੱਚ 24, 25 ਅਤੇ 26 ਜੂਨ ਨੂੰ ਮੁਕੰਮਲ ਹੜਤਾਲ ਕਰਨ ਦਾ ਐਲਾਨ ਕੀਤਾ ਗਿਆ ਹੈ। ਯੂਨੀਅਨ ਆਗੂਆਂ ਨੇ ਦੋਸ਼ ਲਗਾਇਆ ਕਿ ਸਰਕਾਰ ਨੇ ਚਾਰ ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਨਾ ਤਾਂ ਕੱਚੇ ਮੁਲਾਜ਼ਮ ਪੱਕੇ ਕੀਤੇ ਹਨ ਅਤੇ ਨਾ ਹੀ ਨਵੀਆਂ ਸਰਕਾਰੀ ਬੱਸਾਂ ਖਰੀਦੀਆਂ ਹਨ। ਉਨ੍ਹਾਂ ਕਿਹਾ ਕਿ ਕਿਲੋਮੀਟਰ ਸਕੀਮ ਰਾਹੀਂ ਟਰਾਂਸਪੋਰਟ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਦਕਿ ਸਰਕਾਰੀ ਬੱਸਾਂ ਨੂੰ ਜਾਣਬੁੱਝ ਕੇ ਖੜ੍ਹਾ ਰੱਖਿਆ ਜਾ ਰਿਹਾ ਹੈ। ਮੁਲਾਜ਼ਮ ਆਗੂਆਂ ਨੇ ਸਰਕਾਰ ‘ਤੇ ਵਾਅਦਾਖ਼ਿਲਾਫ਼ੀ, ਅਦਾਲਤੀ ਹੁਕਮਾਂ ਦੀ ਅਣਦੇਖੀ ਅਤੇ ਵਿਭਾਗ ਨੂੰ ਆਰਥਿਕ ਸੰਕਟ ਵੱਲ ਧੱਕਣ ਦੇ ਦੋਸ਼ ਲਗਾਉਂਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵਿਸ਼ਾਲ ਧਰਨਾ ਦਿੱਤਾ ਜਾਵੇਗਾ।