ਨਿਊਜ਼ ਪੰਜਾਬ
25 ਜੂਨ 2026
ਵਿਵਾਦਿਤ ਵਾਇਰਲ ਵੀਡੀਓ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈਸ ਕਾਨਫ਼ਰੰਸ ਕਰਕੇ ਆਪਣਾ ਪੱਖ ਰੱਖਿਆ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਦੇ ਕੰਮਾਂ ਤੋਂ ਘਬਰਾਕੇ ਵਿਰੋਧੀ ਪਾਰਟੀਆਂ ਮਿਲ ਕੇ ਉਨ੍ਹਾਂ ਖ਼ਿਲਾਫ਼ ਨਫ਼ਰਤ ਫੈਲਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਖ਼ਿਲਾਫ਼ ਧਾਰਮਿਕ ਹੁਕਮਨਾਮੇ ਜਾਰੀ ਕਰਵਾਏ ਗਏ, ਨਕਲੀ ਵੀਡੀਓ ਵਾਇਰਲ ਕਰਕੇ ਸਿਆਸੀ ਲਾਹਾ ਲੈਣ ਦੀ ਕੋਸ਼ਿਸ਼ ਕੀਤੀ ਗਈ ਅਤੇ ਉਨ੍ਹਾਂ ਦੇ ਬਾਈਕਾਟ ਲਈ ਗੁਰੂਘਰਾਂ ਦੇ ਬਾਹਰ ਬੋਰਡ ਵੀ ਲਗਾਏ ਗਏ। ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਵਾਇਰਲ ਵੀਡੀਓ ਵਿੱਚ ਦਿਖਾਈ ਦੇਣ ਵਾਲਾ ਵਿਅਕਤੀ ਉਹ ਨਹੀਂ ਹੈ, ਕਿਉਂਕਿ ਉਸ ਦਾ ਕੱਦ, ਰੰਗ ਅਤੇ ਗਲੇ ਦੇ ਨਿਸ਼ਾਨ ਉਨ੍ਹਾਂ ਨਾਲ ਮੇਲ ਨਹੀਂ ਖਾਂਦੇ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਇਹ ਵੀਡੀਓ ਸੋਚੀ-ਸਮਝੀ ਸਾਜ਼ਿਸ਼ ਤਹਿਤ ਸ਼ੂਟ ਕਰਵਾਈ ਗਈ ਹੈ।
