ਨਿਊਜ਼ ਪੰਜਾਬ
27 ਜੂਨ,2026
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ ਦੇ ਰਣਜੀਤ ਐਵੇਨਿਊ ਸਥਿਤ ਪਾਈਟੈਕਸ ਗਰਾਊਂਡ ਵਿੱਚ ਅੱਜ ਕਰਵਾਏ ਜਾ ਰਹੇ ਰਾਜ ਪੱਧਰੀ ਧਾਰਮਿਕ ਸਮਾਗਮ “ਏਕ ਸ਼ਾਮ ਭਗਵਾਨ ਸ਼ਿਵ ਜੀ ਕੇ ਨਾਮ” ਨੂੰ ਲੈ ਕੇ ਸ਼ਰਧਾਲੂਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ।

ਇਸ ਵਿਸ਼ਾਲ ਧਾਰਮਿਕ ਸਮਾਗਮ ਵਿੱਚ ਪ੍ਰਸਿੱਧ ਸ਼ਿਵ ਭਗਤ ਅਤੇ ਭਜਨ ਗਾਇਕ ਹੰਸ ਰਾਜ ਰਘੂਵੰਸ਼ੀ ਆਪਣੇ ਲੋਕਪ੍ਰਿਯ ਭਜਨਾਂ ਰਾਹੀਂ ਭਗਵਾਨ ਸ਼ਿਵ ਦੀ ਮਹਿਮਾ ਦਾ ਗੁਣਗਾਨ ਕਰਨਗੇ। ਪੰਜਾਬ ਸਮੇਤ ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਹੋਰ ਗੁਆਂਢੀ ਸੂਬਿਆਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਦੇ ਪਹੁੰਚਣ ਦੀ ਸੰਭਾਵਨਾ ਹੈ। ਇਸ ਸਮਾਗਮ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵੀ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕਰਨਗੇ। ਸਰਕਾਰ ਦਾ ਕਹਿਣਾ ਹੈ ਕਿ ਇਸ ਸਮਾਗਮ ਦਾ ਉਦੇਸ਼ ਸਮਾਜ ਵਿੱਚ ਅਧਿਆਤਮਿਕ ਚੇਤਨਾ, ਭਾਈਚਾਰਕ ਸਾਂਝ ਅਤੇ ਸੱਭਿਆਚਾਰਕ ਵਿਰਾਸਤ ਨੂੰ ਹੋਰ ਮਜ਼ਬੂਤ ਕਰਨਾ ਹੈ। ਸ਼ਰਧਾਲੂਆਂ ਦੀ ਸਹੂਲਤ ਲਈ ਪਾਰਕਿੰਗ, ਪੀਣ ਵਾਲੇ ਪਾਣੀ, ਡਾਕਟਰੀ ਸਹਾਇਤਾ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਟ੍ਰੈਫਿਕ ਨੂੰ ਸੁਚਾਰੂ ਬਣਾਈ ਰੱਖਣ ਲਈ ਵਿਸ਼ੇਸ਼ ਅਡਵਾਇਜ਼ਰੀ ਜਾਰੀ ਕੀਤੀ ਗਈ ਹੈ ਅਤੇ ਕੁਝ ਰਸਤਿਆਂ ‘ਤੇ ਆਵਾਜਾਈ ਵਿੱਚ ਤਬਦੀਲੀਆਂ ਕੀਤੀਆਂ ਗਈਆਂ ਹਨ। ਪ੍ਰਸ਼ਾਸਨ ਨੇ ਲੋਕਾਂ ਨੂੰ ਸਮੇਂ ਸਿਰ ਸਮਾਗਮ ਸਥਾਨ ‘ਤੇ ਪਹੁੰਚਣ ਅਤੇ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ, ਤਾਂ ਜੋ ਇਹ ਧਾਰਮਿਕ ਸਮਾਗਮ ਸ਼ਾਂਤੀਪੂਰਵਕ ਅਤੇ ਸੁਚੱਜੇ ਢੰਗ ਨਾਲ ਸੰਪੰਨ ਹੋ ਸਕੇ।
