ਨਸ਼ਿਆਂ ਖ਼ਿਲਾਫ਼ ਜੰਗ ਨੂੰ ਮਿਲੇਗੀ ਨਵੀਂ ਤਾਕਤ, ਲੁਧਿਆਣਾ ਤੋਂ CM ਮਾਨ ਕਰਨਗੇ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ

ਨਿਊਜ਼ ਪੰਜਾਬ

27 ਜੂਨ,2026

ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਸੰਕਲਪ ਨੂੰ ਹੋਰ ਮਜ਼ਬੂਤੀ ਦੇਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਦੇ ਗੁਰੂ ਨਾਨਕ ਭਵਨ ਤੋਂ ਰਾਜ ਪੱਧਰੀ ‘ਸੂਰਮਾ’ ਮੁਹਿੰਮ ਦੀ ਸ਼ੁਰੂਆਤ ਕਰਨਗੇ। ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਨਸ਼ਿਆਂ ਦੀ ਦਲਦਲ ਵਿੱਚੋਂ ਬਾਹਰ ਨਿਕਲ ਚੁੱਕੇ ਨੌਜਵਾਨਾਂ ਨੂੰ ਸਨਮਾਨਿਤ ਕਰਨਾ ਅਤੇ ਹੋਰਨਾਂ ਲਈ ਪ੍ਰੇਰਣਾ ਬਣਾਉਣਾ ਹੈ। ਸਮਾਗਮ ਦੌਰਾਨ ਛੇ ਅਜਿਹੇ ਨੌਜਵਾਨਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ, ਜਿਨ੍ਹਾਂ ਨੇ ਆਪਣੀ ਇੱਛਾ ਸ਼ਕਤੀ ਨਾਲ ਨਸ਼ਾ ਛੱਡ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕੀਤੀ ਹੈ ਅਤੇ ਹੁਣ ਇਮਾਨਦਾਰੀ ਨਾਲ ਰੁਜ਼ਗਾਰ ਕਰਦੇ ਹੋਏ ਸਮਾਜ ਦੀ ਮੁੱਖ ਧਾਰਾ ਨਾਲ ਜੁੜੇ ਹੋਏ ਹਨ। ਸਰਕਾਰ ਦਾ ਮੰਨਣਾ ਹੈ ਕਿ ਇਹ ਮੁਹਿੰਮ ਨਸ਼ਿਆਂ ਵਿੱਚ ਫਸੇ ਨੌਜਵਾਨਾਂ ਲਈ ਉਮੀਦ ਦੀ ਨਵੀਂ ਕਿਰਨ ਸਾਬਤ ਹੋਵੇਗੀ ਅਤੇ ਇਹ ਸੰਦੇਸ਼ ਦੇਵੇਗੀ ਕਿ ਨਸ਼ਾ ਛੱਡਣ ਵਾਲਿਆਂ ਨੂੰ ਸਮਾਜ ਅਤੇ ਸਰਕਾਰ ਦੋਵਾਂ ਦਾ ਪੂਰਾ ਸਹਿਯੋਗ ਮਿਲੇਗਾ। ਸਮਾਗਮ ਲਈ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ ਅਤੇ ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਸੀਨੀਅਰ ਅਧਿਕਾਰੀ ਵੀ ਇਸ ਮੌਕੇ ‘ਤੇ ਮੌਜੂਦ ਰਹਿਣਗੇ।