ਨਿਊਜ਼ ਪੰਜਾਬ
27 ਜੂਨ,2026
ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਇੱਕ ਵੱਡੇ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 10 ਆਧੁਨਿਕ ਪਿਸਤੌਲਾਂ ਅਤੇ 9 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਇਹ ਮੁਲਜ਼ਮ ਵਿਦੇਸ਼ ਵਿੱਚ ਬੈਠੇ ਇੱਕ ਤਸਕਰ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਹੇ ਸਨ ਅਤੇ ਸਰਹੱਦ ਪਾਰ ਤੋਂ ਭੇਜੀਆਂ ਗਈਆਂ ਹਥਿਆਰਾਂ ਦੀਆਂ ਖੇਪਾਂ ਨੂੰ ਪ੍ਰਾਪਤ ਕਰਕੇ ਪੰਜਾਬ ਵਿੱਚ ਅਪਰਾਧਿਕ ਅਨਸਰਾਂ ਤੱਕ ਪਹੁੰਚਾਉਂਦੇ ਸਨ। ਪੁਲਿਸ ਨੂੰ ਸ਼ੱਕ ਹੈ ਕਿ ਇਸ ਗਿਰੋਹ ਦੇ ਤਾਰ ਅੰਤਰਰਾਸ਼ਟਰੀ ਅਪਰਾਧਿਕ ਨੈੱਟਵਰਕ ਨਾਲ ਵੀ ਜੁੜੇ ਹੋ ਸਕਦੇ ਹਨ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਇਸ ਸਬੰਧੀ ਥਾਣਾ ਛੇਹਰਟਾ ਅਤੇ ਥਾਣਾ ਮਕਬੂਲਪੁਰਾ ਵਿੱਚ ਵੱਖ-ਵੱਖ ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਫਿਲਹਾਲ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਇਸ ਸਪਲਾਈ ਲੜੀ ਨਾਲ ਜੁੜੇ ਹੋਰ ਵਿਅਕਤੀਆਂ ਦੀ ਪਛਾਣ ਕਰਨ, ਪਿਛਲੇ ਅਤੇ ਅਗਲੇ ਸਬੰਧਾਂ ਦਾ ਪਤਾ ਲਗਾਉਣ ਅਤੇ ਪੂਰੇ ਨੈੱਟਵਰਕ ਨੂੰ ਬੇਨਕਾਬ ਕਰਨ ਲਈ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ।
