ਪੰਜਾਬੀ ਯੂਨੀਵਰਸਿਟੀ ਸਕਾਲਰਸ਼ਿਪ ਘਪਲੇ ਦੀ ਜਾਂਚ ‘ਚ ਵੱਡਾ ਮੋੜ, ਈਡੀ ਨੇ ਮੰਗਿਆ ਮੁਲਜ਼ਮਾਂ ਦੀਆਂ ਜਾਇਦਾਦਾਂ ਦਾ ਪੂਰਾ ਰਿਕਾਰਡ

ਨਿਊਜ਼ ਪੰਜਾਬ

28 ਜੂਨ,2026

ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ ਸਾਹਮਣੇ ਆਏ ਕਰੋੜਾਂ ਰੁਪਏ ਦੇ ਯੂਜੀਸੀ ਸਕਾਲਰਸ਼ਿਪ ਘਪਲੇ ਦੀ ਜਾਂਚ ਵਿੱਚ ਹੁਣ ਨਵਾਂ ਅਤੇ ਅਹਿਮ ਮੋੜ ਆ ਗਿਆ ਹੈ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਇਸ ਮਾਮਲੇ ਵਿੱਚ ਮਨੀ ਲਾਂਡਰਿੰਗ ਰੋਕਥਾਮ ਕਾਨੂੰਨ (ਪੀਐਮਐਲਏ), 2002 ਤਹਿਤ ਜਾਂਚ ਸ਼ੁਰੂ ਕਰਦਿਆਂ ਪਟਿਆਲਾ ਦੇ ਸਬ-ਰਜਿਸਟਰਾਰ ਦਫ਼ਤਰ ਨੂੰ ਪੱਤਰ ਭੇਜ ਕੇ ਮੁੱਖ ਮੁਲਜ਼ਮ ਨਿਸ਼ੂ ਚੌਧਰੀ ਸਮੇਤ ਕਵਿਤ ਚੌਧਰੀ, ਰਵੀ ਕਪੂਰ ਅਤੇ ਪੂਜਾ ਕਪੂਰ ਦੀਆਂ ਜਾਇਦਾਦਾਂ ਦਾ ਪੂਰਾ ਵੇਰਵਾ ਮੰਗਿਆ ਹੈ। ਜਾਣਕਾਰੀ ਮੁਤਾਬਕ 20 ਤੋਂ ਵੱਧ ਜਾਇਦਾਦਾਂ ਦਾ ਰਿਕਾਰਡ ਤਲਬ ਕੀਤਾ ਗਿਆ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਪਟਿਆਲਾ ਦੇ ਪਿੰਡ ਡੀਲਵਾਲ ਵਿੱਚ ਸਥਿਤ ਦੱਸੀਆਂ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਪੰਜਾਬੀ ਯੂਨੀਵਰਸਿਟੀ ਵੱਲੋਂ ਬਣਾਈ ਗਈ ਜਾਂਚ ਕਮੇਟੀ ਨੇ ਆਪਣੀ ਰਿਪੋਰਟ ਵਿੱਚ ਕਰੀਬ 14 ਕਰੋੜ ਰੁਪਏ ਦੇ ਸਕਾਲਰਸ਼ਿਪ ਘਪਲੇ ਦਾ ਖੁਲਾਸਾ ਕੀਤਾ ਸੀ ਅਤੇ ਕਈ ਯੂਨੀਵਰਸਿਟੀ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਸੰਭਾਵਿਤ ਮਿਲੀਭੁਗਤ ਵੱਲ ਵੀ ਇਸ਼ਾਰਾ ਕੀਤਾ ਸੀ। ਹਾਲਾਂਕਿ ਇਹ ਰਿਪੋਰਟ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਸੌਂਪੀ ਜਾ ਚੁੱਕੀ ਹੈ, ਪਰ ਹੁਣ ਤੱਕ ਕਿਸੇ ਵੱਡੀ ਕਾਰਵਾਈ ਦੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸੇ ਵਿਚਕਾਰ ਈਡੀ ਦੀ ਜਾਂਚ ਸ਼ੁਰੂ ਹੋਣ ਨਾਲ ਮਾਮਲੇ ਵਿੱਚ ਮਨੀ ਲਾਂਡਰਿੰਗ ਦੇ ਪਹਿਲੂਆਂ ਦੀ ਵੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਹੋਰ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਸਬ-ਰਜਿਸਟਰਾਰ ਗੁਲਾਬ ਸਿੰਘ ਥਿੰਦ ਨੇ ਵੀ ਪੁਸ਼ਟੀ ਕੀਤੀ ਹੈ ਕਿ ਈਡੀ ਦਾ ਪੱਤਰ ਪ੍ਰਾਪਤ ਹੋ ਚੁੱਕਾ ਹੈ ਅਤੇ ਮੰਗਿਆ ਗਿਆ ਰਿਕਾਰਡ ਜਲਦ ਮੁਹੱਈਆ ਕਰਵਾ ਦਿੱਤਾ ਜਾਵੇਗਾ।