ਬਠਿੰਡਾ ‘ਚ ਅਮਰਨਾਥ ਸ਼ਰਧਾਲੂਆਂ ਨਾਲ ਭਿਆਨਕ ਸੜਕ ਹਾਦਸਾ, 4 ਦੀ ਮੌਤ ਤੇ 8 ਗੰਭੀਰ ਜ਼ਖ਼ਮੀ

ਨਿਊਜ਼ ਪੰਜਾਬ

1 ਜੁਲਾਈ,2026

ਬਠਿੰਡਾ ਦੇ ਬੀਕਾਨੇਰ ਕੌਮੀ ਮਾਰਗ ‘ਤੇ ਅਮਰਨਾਥ ਯਾਤਰਾ ਲਈ ਜਾ ਰਹੇ ਸ਼ਰਧਾਲੂਆਂ ਨਾਲ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ, ਜਿਸ ਵਿੱਚ ਚਾਰ ਸ਼ਰਧਾਲੂਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਅੱਠ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਜਾਣਕਾਰੀ ਅਨੁਸਾਰ ਰਾਜਸਥਾਨ ਤੋਂ ਅਮਰਨਾਥ ਯਾਤਰਾ ਲਈ ਰਵਾਨਾ ਹੋਇਆ ਟੈਂਪੂ ਟ੍ਰੈਵਲਰ ਬਠਿੰਡਾ ਦੇ ਜੋਧਪੁਰ ਰੋਮਾਣਾ ਪਿੰਡ ਨੇੜੇ ਸੜਕ ਕਿਨਾਰੇ ਖੜ੍ਹੇ ਟਰੱਕ ਨਾਲ ਜਾ ਟਕਰਾਇਆ। ਟੱਕਰ ਇੰਨੀ ਭਿਆਨਕ ਸੀ ਕਿ ਗੱਡੀ ਦਾ ਅਗਲਾ ਹਿੱਸਾ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਅਤੇ ਕਈ ਯਾਤਰੀ ਅੰਦਰ ਹੀ ਫਸ ਗਏ।

ਸੂਚਨਾ ਮਿਲਦੇ ਹੀ ਪੁਲਿਸ, ਸਹਾਰਾ ਜਨ ਸੇਵਾ ਦੀਆਂ ਟੀਮਾਂ ਅਤੇ ਸਥਾਨਕ ਲੋਕਾਂ ਨੇ ਤੁਰੰਤ ਰਾਹਤ ਤੇ ਬਚਾਅ ਕਾਰਜ ਸ਼ੁਰੂ ਕਰਕੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਹਸਪਤਾਲ ਪਹੁੰਚਾਇਆ। ਗੰਭੀਰ ਜ਼ਖ਼ਮੀਆਂ ਨੂੰ ਅਗਲੇ ਇਲਾਜ ਲਈ ਏਮਜ਼ ਬਠਿੰਡਾ ਰੈਫਰ ਕੀਤਾ ਗਿਆ ਹੈ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ, ਜਦਕਿ ਮ੍ਰਿਤਕਾਂ ਦੀ ਪਛਾਣ ਕਰਕੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ਦੀ ਕਾਰਵਾਈ ਵੀ ਜਾਰੀ ਹੈ।।