ਪਾਕਿਸਤਾਨ ‘ਚ ਭਿਆਨਕ ਬੱਸ ਹਾਦਸਾ, ਡੂੰਘੀ ਖੱਡ ‘ਚ ਡਿੱਗੀ ਯਾਤਰੀ ਬੱਸ; 40 ਲੋਕਾਂ ਦੀ ਮੌਤ, ਕਈ ਗੰਭੀਰ ਜ਼ਖ਼ਮੀ

ਨਿਊਜ਼ ਪੰਜਾਬ

3 ਜੁਲਾਈ,2026

ਪਾਕਿਸਤਾਨ ਦੇ ਬਲੋਚਿਸਤਾਨ ਸੂਬੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਸੜਕ ਦੁਰਘਟਨਾ ਸਾਹਮਣੇ ਆਈ ਹੈ, ਜਿੱਥੇ ਸ਼ੇਰਾਨੀ ਜ਼ਿਲ੍ਹੇ ਦੇ ਧਨਾ ਸਰ ਇਲਾਕੇ ਵਿੱਚ ਇੱਕ ਯਾਤਰੀ ਬੱਸ ਬੇਕਾਬੂ ਹੋ ਕੇ ਡੂੰਘੀ ਖੱਡ ਵਿੱਚ ਜਾ ਡਿੱਗੀ। ਇਸ ਭਿਆਨਕ ਹਾਦਸੇ ਵਿੱਚ ਘੱਟੋ-ਘੱਟ 40 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਮ੍ਰਿਤਕਾਂ ਵਿੱਚ ਔਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਜਾਣਕਾਰੀ ਮੁਤਾਬਕ ਬੱਸ ਬਲੋਚਿਸਤਾਨ ਦੀ ਰਾਜਧਾਨੀ ਕਵੇਟਾ ਤੋਂ ਖੈਬਰ ਪਖਤੂਨਖਵਾ ਦੇ ਪੇਸ਼ਾਵਰ ਵੱਲ ਜਾ ਰਹੀ ਸੀ। ਪਹਾੜੀ ਰਸਤੇ ਦੇ ਇੱਕ ਤਿੱਖੇ ਮੋੜ ‘ਤੇ ਡਰਾਈਵਰ ਦਾ ਬੱਸ ਤੋਂ ਕੰਟਰੋਲ ਖੋਹ ਜਾਣ ਕਾਰਨ ਇਹ ਹਾਦਸਾ ਵਾਪਰਿਆ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਤੇ ਬਚਾਅ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਖੱਡ ਵਿੱਚ ਫਸੇ ਯਾਤਰੀਆਂ ਨੂੰ ਬਾਹਰ ਕੱਢ ਕੇ ਨੇੜਲੇ ਹਸਪਤਾਲਾਂ ਵਿੱਚ ਦਾਖ਼ਲ ਕਰਵਾਇਆ। ਅਧਿਕਾਰੀਆਂ ਅਨੁਸਾਰ ਮ੍ਰਿਤਕਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ, ਕਿਉਂਕਿ ਕਈ ਜ਼ਖ਼ਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਹਾਦਸੇ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।