ਹੁਸ਼ਿਆਰਪੁਰ ਕੇਂਦਰੀ ਜੇਲ੍ਹ ਦਾ ਡਿਪਟੀ ਸੁਪਰਡੈਂਟ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ, ਕੈਦੀ ਦੀ ਵਾਇਰਲ ਵੀਡੀਓ ਤੋਂ ਬਾਅਦ ਹੋਈ ਕਾਰਵਾਈ

ਨਿਊਜ਼ ਪੰਜਾਬ

5 ਜੁਲਾਈ 2026

ਹੁਸ਼ਿਆਰਪੁਰ ਕੇਂਦਰੀ ਜੇਲ੍ਹ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ਾਂ ਨੂੰ ਲੈ ਕੇ ਵੱਡਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਜੇਲ੍ਹ ਦੇ ਡਿਪਟੀ ਸੁਪਰਡੈਂਟ ਹਰਭਜਨ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਸਿਟੀ ਪੁਲਿਸ ਥਾਣੇ ਵਿੱਚ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਇਹ ਕਾਰਵਾਈ ਉਸ ਸਮੇਂ ਕੀਤੀ ਗਈ ਜਦੋਂ ਜੇਲ੍ਹ ਵਿੱਚ ਬੰਦ ਕੈਦੀ ਮਨਪ੍ਰੀਤ ਸਿੰਘ ਮੰਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਕਿ ਡਿਪਟੀ ਸੁਪਰਡੈਂਟ ਉਸ ‘ਤੇ ਜੇਲ੍ਹ ਅੰਦਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਲਈ ਦਬਾਅ ਬਣਾਉਂਦਾ ਸੀ ਅਤੇ ਇਨਕਾਰ ਕਰਨ ‘ਤੇ ਉਸ ਨਾਲ ਤਸ਼ੱਦਦ ਕੀਤਾ ਗਿਆ।

ਵੀਡੀਓ ਸਾਹਮਣੇ ਆਉਣ ਤੋਂ ਬਾਅਦ ਜੇਲ੍ਹ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨੇ ਤੁਰੰਤ ਜਾਂਚ ਦੇ ਹੁਕਮ ਜਾਰੀ ਕੀਤੇ ਅਤੇ ਜੇਲ੍ਹ ਸੁਪਰਡੈਂਟ ਦਾ ਤਬਾਦਲਾ ਵੀ ਕਰ ਦਿੱਤਾ ਗਿਆ। ਜਾਂਚ ਦੌਰਾਨ ਕੈਦੀ ਵੱਲੋਂ ਲਗਾਏ ਗਏ ਦੋਸ਼ਾਂ ਨੂੰ ਸਹੀ ਪਾਏ ਜਾਣ ਤੋਂ ਬਾਅਦ ਦੇਰ ਰਾਤ ਡਿਪਟੀ ਸੁਪਰਡੈਂਟ ਖ਼ਿਲਾਫ਼ ਮਾਮਲਾ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਗੌਰਤਲਬ ਹੈ ਕਿ ਹੁਸ਼ਿਆਰਪੁਰ ਕੇਂਦਰੀ ਜੇਲ੍ਹ ਪਹਿਲਾਂ ਵੀ ਨਸ਼ਾ ਤਸਕਰੀ ਨਾਲ ਜੁੜੇ ਵਿਵਾਦਾਂ ਕਾਰਨ ਚਰਚਾ ਵਿੱਚ ਰਹਿ ਚੁੱਕੀ ਹੈ ਅਤੇ ਇਸ ਤੋਂ ਪਹਿਲਾਂ ਵੀ ਕਈ ਜੇਲ੍ਹ ਕਰਮਚਾਰੀਆਂ ਖ਼ਿਲਾਫ਼ ਅਜਿਹੀਆਂ ਕਾਰਵਾਈਆਂ ਹੋ ਚੁੱਕੀਆਂ ਹਨ।