ਨਿਊਜ਼ ਪੰਜਾਬ
12 ਜੁਲਾਈ,2026
ਸੰਸਦ ਦੇ ਮਾਨਸੂਨ ਸੈਸ਼ਨ ਦੀ ਸ਼ੁਰੂਆਤ ਤੋਂ ਇੱਕ ਦਿਨ ਪਹਿਲਾਂ, 19 ਜੁਲਾਈ ਨੂੰ ਕੇਂਦਰ ਸਰਕਾਰ ਨੇ ਸਰਬ ਪਾਰਟੀ ਮੀਟਿੰਗ ਬੁਲਾਈ ਹੈ। ਹਰ ਸੰਸਦੀ ਸੈਸ਼ਨ ਤੋਂ ਪਹਿਲਾਂ ਹੋਣ ਵਾਲੀ ਇਸ ਅਹਿਮ ਮੀਟਿੰਗ ਵਿੱਚ ਸਰਕਾਰ ਆਪਣੇ ਵਿਧਾਨਕ ਏਜੰਡੇ ਅਤੇ ਸੈਸ਼ਨ ਦੌਰਾਨ ਪੇਸ਼ ਕੀਤੇ ਜਾਣ ਵਾਲੇ ਮਹੱਤਵਪੂਰਨ ਬਿੱਲਾਂ ਬਾਰੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਜਾਣਕਾਰੀ ਦੇਵੇਗੀ। ਇਸ ਦੇ ਨਾਲ ਹੀ ਵਿਰੋਧੀ ਧਿਰਾਂ ਵੀ ਉਹ ਮੁੱਦੇ ਸਰਕਾਰ ਦੇ ਸਾਹਮਣੇ ਰੱਖਣਗੀਆਂ, ਜਿਨ੍ਹਾਂ ਨੂੰ ਉਹ ਸੰਸਦ ਵਿੱਚ ਜ਼ੋਰ-ਸ਼ੋਰ ਨਾਲ ਉਠਾਉਣ ਦੀ ਤਿਆਰੀ ਕਰ ਰਹੀਆਂ ਹਨ। ਇਸ ਵਾਰ ਮਾਨਸੂਨ ਸੈਸ਼ਨ ਦੇ ਕਾਫ਼ੀ ਹੰਗਾਮੇਦਾਰ ਰਹਿਣ ਦੀ ਸੰਭਾਵਨਾ ਹੈ, ਕਿਉਂਕਿ ਹਾਲੀਆ ਦਿਨਾਂ ਵਿੱਚ ਕਈ ਸਿਆਸੀ ਘਟਨਾਕ੍ਰਮਾਂ ਨੇ ਦੇਸ਼ ਦੀ ਰਾਜਨੀਤੀ ਨੂੰ ਗਰਮਾ ਦਿੱਤਾ ਹੈ। ਵਿਰੋਧੀ ਧਿਰ NEET-UG ਪੇਪਰ ਲੀਕ ਮਾਮਲੇ, ਰੱਖਿਆ ਮੰਤਰੀ ਰਾਜਨਾਥ ਸਿੰਘ ਵੱਲੋਂ ਆਪ੍ਰੇਸ਼ਨ ਸਿੰਦੂਰ ਦੌਰਾਨ ਜਾਨੀ ਨੁਕਸਾਨ ਸਬੰਧੀ ਦਿੱਤੇ ਬਿਆਨਾਂ ਅਤੇ ਹੋਰ ਕਈ ਸੰਵੇਦਨਸ਼ੀਲ ਮੁੱਦਿਆਂ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਵਿੱਚ ਹੈ। ਕਾਂਗਰਸ ਨੇ ਰੱਖਿਆ ਮੰਤਰੀ ਖ਼ਿਲਾਫ਼ ਵਿਸ਼ੇਸ਼ ਅਧਿਕਾਰ ਦੀ ਉਲੰਘਣਾ ਦਾ ਨੋਟਿਸ ਵੀ ਦਿੱਤਾ ਹੈ। ਇਸ ਤੋਂ ਇਲਾਵਾ 130ਵੇਂ ਸੰਵਿਧਾਨ ਸੋਧ ਬਿੱਲ ਦੀ ਜਾਂਚ ਕਰ ਰਹੀ ਜੁਆਇੰਟ ਪਾਰਲੀਮੈਂਟਰੀ ਕਮੇਟੀ 17 ਜੁਲਾਈ ਨੂੰ ਆਪਣੀ ਰਿਪੋਰਟ ਮਨਜ਼ੂਰ ਕਰ ਸਕਦੀ ਹੈ, ਜਿਸ ਨੂੰ ਬਾਅਦ ਵਿੱਚ ਸੰਸਦ ਵਿੱਚ ਪੇਸ਼ ਕੀਤਾ ਜਾਵੇਗਾ। ਉੱਧਰ, ਤ੍ਰਿਣਮੂਲ ਕਾਂਗਰਸ (TMC) ਦੇ ਬਾਗੀ ਸੰਸਦ ਮੈਂਬਰਾਂ ਦੀ ਬੈਠਕ ਵਿਵਸਥਾ ਵਿੱਚ ਵੀ ਤਬਦੀਲੀ ਹੋਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ। ਇਨ੍ਹਾਂ ਸਾਰੇ ਮੁੱਦਿਆਂ ਦੇ ਮੱਦੇਨਜ਼ਰ ਮਾਨਸੂਨ ਸੈਸ਼ਨ ਵਿੱਚ ਸਰਕਾਰ ਅਤੇ ਵਿਰੋਧੀ ਧਿਰ ਵਿਚਾਲੇ ਤਿੱਖੀ ਟੱਕਰ ਦੇ ਆਸਾਰ ਨਜ਼ਰ ਆ ਰਹੇ ਹਨ।
