ਪੰਜਾਬ ‘ਚ ਬਿਜਲੀ ਦੀ ਮੰਗ ਨੇ ਤੋੜੇ ਸਾਰੇ ਰਿਕਾਰਡ, ਝੋਨੇ ਦੀ ਬਿਜਾਈ ਤੇ ਗਰਮੀ ਕਾਰਨ 17,366 ਮੈਗਾਵਾਟ ਤੱਕ ਪਹੁੰਚੀ ਖਪਤ

ਨਿਊਜ਼ ਪੰਜਾਬ

15 ਜੁਲਾਈ,2026

ਪੰਜਾਬ ਵਿੱਚ ਤੇਜ਼ ਗਰਮੀ, ਉਮਸ ਭਰੇ ਮੌਸਮ ਅਤੇ ਝੋਨੇ ਦੀ ਬਿਜਾਈ ਦੇ ਸਿਖਰਲੇ ਸੀਜ਼ਨ ਕਾਰਨ ਬਿਜਲੀ ਦੀ ਮੰਗ ਨੇ ਨਵਾਂ ਰਿਕਾਰਡ ਬਣਾ ਦਿੱਤਾ ਹੈ। ਸੂਬੇ ਵਿੱਚ ਬਿਜਲੀ ਦੀ ਖਪਤ 17,366 ਮੈਗਾਵਾਟ ਤੱਕ ਪਹੁੰਚ ਗਈ ਹੈ, ਜੋ ਪਿਛਲੇ ਸਾਲ ਦੇ ਮੁਕਾਬਲੇ ਕਰੀਬ 20 ਫੀਸਦੀ ਵੱਧ ਹੈ। ਮੀਂਹ ਨਾ ਪੈਣ ਕਾਰਨ ਕਿਸਾਨਾਂ ਵੱਲੋਂ ਟਿਊਬਵੈੱਲਾਂ ਦੀ ਵੱਧ ਵਰਤੋਂ ਅਤੇ ਘਰਾਂ-ਦਫ਼ਤਰਾਂ ਵਿੱਚ ਏਅਰ ਕੰਡੀਸ਼ਨਰਾਂ ਦੀ ਲਗਾਤਾਰ ਚੱਲ ਰਹੀ ਵਰਤੋਂ ਨੇ ਪਾਵਰਕੌਮ ‘ਤੇ ਦਬਾਅ ਹੋਰ ਵਧਾ ਦਿੱਤਾ ਹੈ। ਵਧਦੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਨੂੰ ਕੇਂਦਰੀ ਪੂਲ ਤੋਂ 10 ਹਜ਼ਾਰ ਮੈਗਾਵਾਟ ਤੋਂ ਵੱਧ ਬਿਜਲੀ ਖਰੀਦਣੀ ਪੈ ਰਹੀ ਹੈ, ਫਿਰ ਵੀ ਕਈ ਜ਼ਿਲ੍ਹਿਆਂ ਵਿੱਚ 1 ਤੋਂ 5 ਘੰਟਿਆਂ ਤੱਕ ਬਿਜਲੀ ਕੱਟ ਲੱਗ ਰਹੇ ਹਨ। ਇਸ ਨਾਲ ਕਿਸਾਨਾਂ ਅਤੇ ਘਰੇਲੂ ਖਪਤਕਾਰਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸੇ ਦੌਰਾਨ ਮੌਸਮ ਵਿਭਾਗ ਨੇ ਅਗਲੇ ਦੋ ਦਿਨ ਵੀ ਗਰਮ ਅਤੇ ਨਮੀ ਵਾਲੇ ਮੌਸਮ ਦੀ ਸੰਭਾਵਨਾ ਜਤਾਈ ਹੈ, ਜਿਸ ਕਾਰਨ ਬਿਜਲੀ ਦੀ ਮੰਗ ਹੋਰ ਵਧਣ ਦੀ ਆਸ ਹੈ।