ਨਿਊਜ਼ ਪੰਜਾਬ
15 ਜੁਲਾਈ,2026
ਹਰਿਆਣਾ ਦੇ ਕਰਨਾਲ ਵਿੱਚ ਵੋਟਰ ਸੂਚੀ ਦੇ ਵਿਸ਼ੇਸ਼ ਗਹਿਰੇ ਪੁਨਰਵਿਲੋਕਨ (SIR) ਦੌਰਾਨ ਲਾਪਰਵਾਹੀ ਵਰਤਣ ਵਾਲੇ 12 ਬੂਥ ਲੈਵਲ ਅਧਿਕਾਰੀਆਂ (BLO) ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਦੇ ਹੁਕਮਾਂ ‘ਤੇ ਕਰਨਾਲ ਵਿਧਾਨ ਸਭਾ ਹਲਕੇ ਦੇ 9 ਅਤੇ ਘਰੌਂਡਾ ਹਲਕੇ ਦੇ 3 BLO ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ ਹੈ। ਸਿਟੀ ਮੈਜਿਸਟ੍ਰੇਟ ਸੁਰੇਸ਼ ਨੇ ਸਪੱਸ਼ਟ ਕੀਤਾ ਕਿ ਚੋਣਾਂ ਨਾਲ ਜੁੜੇ ਕੰਮ ਬਹੁਤ ਹੀ ਸੰਵੇਦਨਸ਼ੀਲ ਅਤੇ ਮਹੱਤਵਪੂਰਨ ਹੁੰਦੇ ਹਨ, ਇਸ ਲਈ ਕਿਸੇ ਵੀ ਪੱਧਰ ‘ਤੇ ਲਾਪਰਵਾਹੀ ਜਾਂ ਅਨਿਯਮਿਤਤਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਸਾਰੇ BLO ਨੂੰ ਪਹਿਲਾਂ ਹੀ ਚੇਤਾਵਨੀ ਦਿੱਤੀ ਗਈ ਸੀ, ਪਰ ਕੰਮ ਦੀ ਰਫ਼ਤਾਰ ਸੰਤੋਸ਼ਜਨਕ ਨਾ ਹੋਣ ਕਾਰਨ ਇਹ ਸਖ਼ਤ ਕਾਰਵਾਈ ਕੀਤੀ ਗਈ। ਪ੍ਰਸ਼ਾਸਨ ਨੇ ਇਹ ਵੀ ਕਿਹਾ ਕਿ SIR ਦੀ ਪ੍ਰਕਿਰਿਆ ਨਿਰਧਾਰਤ ਸਮੇਂ ਅੰਦਰ ਪੂਰੀ ਕਰਨਾ ਲਾਜ਼ਮੀ ਹੈ ਅਤੇ ਇਸ ਸਬੰਧੀ ਸਾਰੇ ਅਧਿਕਾਰੀਆਂ ਲਈ ਟੀਚੇ ਨਿਰਧਾਰਤ ਕੀਤੇ ਗਏ ਹਨ।
