ਨਿਊਜ਼ ਪੰਜਾਬ
17 ਜੁਲਾਈ,2026
ਰਾਜ ਸਭਾ ਮੈਂਬਰ ਅਤੇ ਸਾਬਕਾ ਭਾਰਤੀ ਕ੍ਰਿਕਟਰ ਹਰਭਜਨ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਦਾਇਰ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸੁਣਵਾਈ ਕਰਦਿਆਂ ਮਾਮਲੇ ਦਾ ਨਿਪਟਾਰਾ ਕਰ ਦਿੱਤਾ ਹੈ। ਅਦਾਲਤ ਨੇ ਕਿਹਾ ਕਿ ਹਰਭਜਨ ਸਿੰਘ ਨੂੰ ਕੇਂਦਰ ਸਰਕਾਰ ਵੱਲੋਂ Y ਸ਼੍ਰੇਣੀ ਦੀ ਸੁਰੱਖਿਆ ਦਿੱਤੀ ਜਾ ਚੁੱਕੀ ਹੈ, ਜੋ ਉਨ੍ਹਾਂ ਲਈ ਕਾਫ਼ੀ ਹੈ। ਇਸ ਦੇ ਨਾਲ ਹੀ ਪੰਜਾਬ ਸਰਕਾਰ ਨੇ ਅਦਾਲਤ ਨੂੰ ਭਰੋਸਾ ਦਿੱਤਾ ਕਿ ਜਦੋਂ ਵੀ ਹਰਭਜਨ ਸਿੰਘ ਪੰਜਾਬ ਵਿੱਚ ਹੋਣਗੇ, ਪੰਜਾਬ ਪੁਲਿਸ ਵੱਲੋਂ ਉਨ੍ਹਾਂ ਨੂੰ ਲੋੜੀਂਦੀ ਸੁਰੱਖਿਆ ਮੁਹੱਈਆ ਕਰਵਾਈ ਜਾਵੇਗੀ। ਸਰਕਾਰ ਨੇ ਦੱਸਿਆ ਕਿ ਸੁਰੱਖਿਆ ਪ੍ਰਬੰਧ ਖ਼ਤਰੇ ਦੇ ਮੁਲਾਂਕਣ ਦੇ ਆਧਾਰ ‘ਤੇ ਕੀਤੇ ਜਾਂਦੇ ਹਨ ਅਤੇ ਹਰਭਜਨ ਸਿੰਘ ਆਪਣਾ ਜ਼ਿਆਦਾਤਰ ਸਮਾਂ ਪੰਜਾਬ ਤੋਂ ਬਾਹਰ ਬਿਤਾਉਂਦੇ ਹਨ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਦੋਸ਼ ਲਗਾਇਆ ਸੀ ਕਿ ਆਮ ਆਦਮੀ ਪਾਰਟੀ ਛੱਡਣ ਤੋਂ ਬਾਅਦ ਬਦਲੇ ਦੀ ਭਾਵਨਾ ਨਾਲ ਉਨ੍ਹਾਂ ਦੀ ਪੰਜਾਬ ਪੁਲਿਸ ਸੁਰੱਖਿਆ ਵਾਪਸ ਲੈ ਲਈ ਗਈ ਸੀ। ਉਨ੍ਹਾਂ ਨੇ ਦਾਅਵਾ ਕੀਤਾ ਸੀ ਕਿ ਪਹਿਲਾਂ ਉਨ੍ਹਾਂ ਦੀ ਸੁਰੱਖਿਆ ਲਈ 25 ਪੁਲਿਸ ਮੁਲਾਜ਼ਮ ਤਾਇਨਾਤ ਸਨ। ਬਾਅਦ ਵਿੱਚ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ Y ਸ਼੍ਰੇਣੀ ਦੀ ਸੁਰੱਖਿਆ ਪ੍ਰਦਾਨ ਕੀਤੀ, ਜਿਸ ਨੂੰ ਧਿਆਨ ਵਿੱਚ ਰੱਖਦਿਆਂ ਹਾਈ ਕੋਰਟ ਨੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ।
