PM ਮੋਦੀ ਨੇ ਪੰਜਾਬ ਨੂੰ ਦਿੱਤੀ ₹5,470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸੌਗਾਤ, ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਨੂੰ ਦਿਖਾਈ ਹਰੀ ਝੰਡੀ

ਨਿਊਜ਼ ਪੰਜਾਬ

17 ਜੁਲਾਈ,2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਜਲੰਧਰ ਦੌਰੇ ਦੌਰਾਨ ਪੰਜਾਬ ਨੂੰ ₹5,470 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਵੱਡੀ ਸੌਗਾਤ ਦਿੰਦਿਆਂ ਕਈ ਮਹੱਤਵਪੂਰਨ ਯੋਜਨਾਵਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਮੌਕੇ ਉਨ੍ਹਾਂ ਨੇ ਅੰਮ੍ਰਿਤਸਰ ਦੇ ਛੇਹਰਟਾ ਤੋਂ ਵਾਰਾਣਸੀ ਦੇ ਸੀਰ ਗੋਵਰਧਨਪੁਰ ਤੱਕ ਚੱਲਣ ਵਾਲੀ ਨਵੀਂ ਅੰਮ੍ਰਿਤਸਰ-ਵਾਰਾਣਸੀ ਐਕਸਪ੍ਰੈਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਟ੍ਰੇਨ ਨੂੰ ਰਵਾਨਾ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਸਕੂਲੀ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਤੋਂ ਅਸ਼ੀਰਵਾਦ ਵੀ ਲਿਆ। ਜਲੰਧਰ ਰੇਲਵੇ ਸਟੇਸ਼ਨ ‘ਤੇ ਉਨ੍ਹਾਂ ਦਾ ਭੰਗੜੇ ਅਤੇ ਰਵਾਇਤੀ ਪੰਜਾਬੀ ਸੱਭਿਆਚਾਰ ਨਾਲ ਨਿੱਘਾ ਸਵਾਗਤ ਕੀਤਾ ਗਿਆ। ਇਸ ਤੋਂ ਪਹਿਲਾਂ ਉਹ ਹਰਿਆਣਾ ਦੇ ਜੀਂਦ ਵਿੱਚ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾ ਚੁੱਕੇ ਸਨ ਅਤੇ ਚੰਡੀਗੜ੍ਹ ਵਿੱਚ 10 ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕਰਨ ਦੇ ਨਾਲ ਨਵੇਂ ਐਮਬੀਬੀਐਸ ਕਾਲਜ ਦੀ ਮਨਜ਼ੂਰੀ ਦਾ ਐਲਾਨ ਵੀ ਕੀਤਾ। ਸਮਾਗਮ ਦੌਰਾਨ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂ ਇੱਕੋ ਮੰਚ ‘ਤੇ ਨਜ਼ਰ ਆਏ, ਜਿਨ੍ਹਾਂ ਵਿੱਚ ਕਈ ਸੰਸਦ ਮੈਂਬਰ, ਭਾਜਪਾ ਅਤੇ ਹੋਰ ਪਾਰਟੀਆਂ ਦੇ ਸੀਨੀਅਰ ਆਗੂ ਸ਼ਾਮਲ ਸਨ। ਇਹ ਦੌਰਾ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਅਤੇ ਰੇਲ ਸੰਪਰਕ ਨੂੰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਵਜੋਂ ਦੇਖਿਆ ਜਾ ਰਿਹਾ ਹੈ।