ਨਿਊਜ਼ ਪੰਜਾਬ
23 ਜੁਲਾਈ,2026
ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਵਧਦੇ ਤਣਾਅਪੂਰਨ ਹਾਲਾਤਾਂ ਦੇ ਮੱਦੇਨਜ਼ਰ ਨਵੀਂ ਦਿੱਲੀ ਮਿਊਂਸਪਲ ਕੌਂਸਲ (NDMC) ਦੀ ਸਲਾਹ ‘ਤੇ ਕਨਾਟ ਪਲੇਸ ਦੇ ਸਾਰੇ ਦਫ਼ਤਰਾਂ, ਦੁਕਾਨਾਂ ਅਤੇ ਰੈਸਟੋਰੈਂਟਾਂ ਨੂੰ ਅੱਜ ਸ਼ਾਮ 6:30 ਵਜੇ ਤੱਕ ਬੰਦ ਕਰਨ ਦੀ ਅਪੀਲ ਕੀਤੀ ਗਈ ਹੈ। ਨਵੀਂ ਦਿੱਲੀ ਵਪਾਰੀ ਐਸੋਸੀਏਸ਼ਨ (NDTA) ਵੱਲੋਂ ਜਾਰੀ ਨੋਟਿਸ ਵਿੱਚ ਵਪਾਰੀਆਂ ਨੂੰ ਸੁਰੱਖਿਆ ਦੇ ਮੱਦੇਨਜ਼ਰ ਪ੍ਰਸ਼ਾਸਨ ਨਾਲ ਸਹਿਯੋਗ ਕਰਨ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਹਦਾਇਤਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ।
ਇਸੇ ਦੌਰਾਨ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਦੋਸ਼ ਲਗਾਇਆ ਕਿ ਭਾਰੀ ਸੁਰੱਖਿਆ ਪ੍ਰਬੰਧਾਂ ਅਤੇ ਐਂਬੂਲੈਂਸਾਂ ਦੀ ਤਾਇਨਾਤੀ ਤੋਂ ਲੱਗਦਾ ਹੈ ਕਿ ਸਰਕਾਰ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰ ਸਕਦੀ ਹੈ। ਹਾਲਾਤਾਂ ਨੂੰ ਦੇਖਦਿਆਂ ਦਿੱਲੀ ਮੈਟਰੋ ਨੇ ਰਾਜੀਵ ਚੌਕ ਸਮੇਤ ਕਈ ਅਹਿਮ ਮੈਟਰੋ ਸਟੇਸ਼ਨ ਵੀ ਅਸਥਾਈ ਤੌਰ ‘ਤੇ ਬੰਦ ਕਰ ਦਿੱਤੇ ਹਨ। ਪਿਛਲੇ ਕੁਝ ਦਿਨਾਂ ਤੋਂ ਪ੍ਰਦਰਸ਼ਨਾਂ ਕਾਰਨ ਇਸ ਇਲਾਕੇ ਵਿੱਚ ਪੁਲਿਸ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਕਈ ਵਾਰ ਝੜਪਾਂ ਹੋ ਚੁੱਕੀਆਂ ਹਨ, ਜਿਸ ਕਾਰਨ ਪੂਰਾ ਇਲਾਕਾ ਹਾਈ ਅਲਰਟ ‘ਤੇ ਰੱਖਿਆ ਗਿਆ ਹੈ।
