ਅੰਮ੍ਰਿਤਸਰ ਪੁਲਿਸ ਦੀ ਵੱਡੀ ਕਾਰਵਾਈ,1 ਕਿਲੋ ਹੈਰੋਇਨ ਸਣੇ ਹਥਿਆਰ ਅਤੇ 2 ਤਸਕਰ ਕਾਬੂ

ਨਿਊਜ਼ ਪੰਜਾਬ

23 ਜੁਲਾਈ,2026

ਪੰਜਾਬ ਨੂੰ ਨਸ਼ਾ ਅਤੇ ਅਪਰਾਧ ਮੁਕਤ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਵੱਡੀ ਸਫਲਤਾ ਹਾਸਲ ਕਰਦਿਆਂ ਸਰਹੱਦ ਪਾਰ ਤੋਂ ਚੱਲ ਰਹੇ ਗੈਰ-ਕਾਨੂੰਨੀ ਤਸਕਰੀ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਸ ਕਾਰਵਾਈ ਦੌਰਾਨ ਪੁਲਿਸ ਨੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 6 ਆਧੁਨਿਕ ਪਿਸਤੌਲ, 1 ਕਿਲੋਗ੍ਰਾਮ ਹੈਰੋਇਨ, 1 ਕਿਲੋਗ੍ਰਾਮ ਅਫ਼ੀਮ ਅਤੇ 10 ਹਜ਼ਾਰ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦੋਵੇਂ ਮੁਲਜ਼ਮ ਸਰਹੱਦ ਪਾਰ ਬੈਠੇ ਇੱਕ ਵਿਦੇਸ਼ੀ ਹੈਂਡਲਰ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਅੰਤਰਰਾਸ਼ਟਰੀ ਸਰਹੱਦ ਰਾਹੀਂ ਹਥਿਆਰ ਅਤੇ ਨਸ਼ੀਲੇ ਪਦਾਰਥ ਭਾਰਤ ਭੇਜਦਾ ਸੀ। ਇਸ ਸਬੰਧੀ ਅੰਮ੍ਰਿਤਸਰ ਦੇ ਛੇਹਰਟਾ ਅਤੇ ਕੈਂਟ ਥਾਣਿਆਂ ਵਿੱਚ ਵੱਖ-ਵੱਖ ਐੱਫਆਈਆਰ ਦਰਜ ਕਰ ਲਈਆਂ ਗਈਆਂ ਹਨ। ਪੁਲਿਸ ਹੁਣ ਇਸ ਨੈੱਟਵਰਕ ਨਾਲ ਜੁੜੇ ਹੋਰ ਸਾਥੀਆਂ ਅਤੇ ਵਿਦੇਸ਼ੀ ਹੈਂਡਲਰਾਂ ਦੀ ਪਛਾਣ ਕਰਨ ਲਈ ਡੂੰਘਾਈ ਨਾਲ ਜਾਂਚ ਕਰ ਰਹੀ ਹੈ।