ਨਿਊਜ਼ ਪੰਜਾਬ
24 ਜੁਲਾਈ,2026
ਪੰਜਾਬ ਸਰਕਾਰ ਨੇ ਕਥਿਤ ਬੇਨਿਯਮੀਆਂ ਅਤੇ ਧੋਖਾਧੜੀ ਦੇ ਦੋਸ਼ਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਲੰਧਰ ਦੇ ਸਰਵੋਦਿਆ ਹਸਪਤਾਲ ਨੂੰ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਪੈਨਲ ਤੋਂ ਹਟਾ ਦਿੱਤਾ ਹੈ। ਇਸ ਕਾਰਵਾਈ ਤੋਂ ਬਾਅਦ ਹਸਪਤਾਲ ਹੁਣ ਯੋਜਨਾ ਤਹਿਤ ਮਰੀਜ਼ਾਂ ਨੂੰ ਨਕਦੀ ਰਹਿਤ ਇਲਾਜ ਦੀ ਸਹੂਲਤ ਨਹੀਂ ਦੇ ਸਕੇਗਾ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਸ਼ਿਕਾਇਤਾਂ ਦੀ ਜਾਂਚ ਦੌਰਾਨ ਨਿਯਮਾਂ ਦੀ ਉਲੰਘਣਾ ਅਤੇ ਕਥਿਤ ਧੋਖਾਧੜੀ ਦੇ ਸਬੂਤ ਮਿਲਣ ਤੋਂ ਬਾਅਦ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰ ਧੋਖਾਧੜੀ ਵਿੱਚ ਸ਼ਾਮਲ ਕਿਸੇ ਵੀ ਹਸਪਤਾਲ ਜਾਂ ਵਿਅਕਤੀ ਨੂੰ ਬਖ਼ਸ਼ੇਗੀ ਨਹੀਂ। ਇਸ ਦੇ ਨਾਲ ਹੀ ਰਾਜ ਦੇ 14 ਹਸਪਤਾਲਾਂ ‘ਤੇ ਕੁੱਲ 78.67 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਗਿਆ ਹੈ ਅਤੇ ਜਾਂਚ ਦੌਰਾਨ ਗੈਰ-ਕਾਨੂੰਨੀ ਤਰੀਕੇ ਨਾਲ ਵਸੂਲੀ ਗਈ ਰਕਮ ਛੇ ਮਰੀਜ਼ਾਂ ਦੇ ਪਰਿਵਾਰਾਂ ਨੂੰ ਵਾਪਸ ਕਰ ਦਿੱਤੀ ਗਈ ਹੈ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ਦਾ ਨਿਯਮਤ ਆਡਿਟ ਅਤੇ ਨਿਰੀਖਣ ਜਾਰੀ ਰਹੇਗਾ ਤਾਂ ਜੋ ਯੋਜਨਾ ਦਾ ਲਾਭ ਪੂਰੀ ਪਾਰਦਰਸ਼ਤਾ ਨਾਲ ਹੱਕਦਾਰ ਮਰੀਜ਼ਾਂ ਤੱਕ ਪਹੁੰਚ ਸਕੇ।
