ਅਮਰੀਕਾ ‘ਚ ਪੰਜਾਬੀ ਨੌਜਵਾਨ ਗ੍ਰਿਫ਼ਤਾਰ, FBI ਨੇ ਨਸ਼ਾ ਤਸਕਰੀ ਨੈੱਟਵਰਕ ਨਾਲ ਜੁੜੇ ਹੋਣ ਦਾ ਲਗਾਇਆ ਦੋਸ਼

ਨਿਊਜ਼ ਪੰਜਾਬ

24 ਜੁਲਾਈ,2026

ਅਮਰੀਕੀ ਜਾਂਚ ਏਜੰਸੀ FBI ਨੇ ਪੰਜਾਬੀ ਨੌਜਵਾਨ ਹਰਮਨਵੀਰ ਸਿੰਘ ਨੂੰ ਕੈਲੀਫੋਰਨੀਆ ਦੇ ਸਟਾਕਟਨ ਸ਼ਹਿਰ ਤੋਂ ਨਸ਼ਾ ਤਸਕਰੀ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤਾ ਹੈ। FBI ਮੁਤਾਬਕ ਹਰਮਨਵੀਰ ਸਿੰਘ ਅਮਰੀਕਾ, ਕੈਨੇਡਾ ਅਤੇ ਮੈਕਸੀਕੋ ਵਿੱਚ ਸਰਗਰਮ ਅੰਤਰਰਾਸ਼ਟਰੀ ਡਰੱਗ ਤਸਕਰੀ ਨੈੱਟਵਰਕ ਨਾਲ ਜੁੜਿਆ ਹੋਇਆ ਸੀ ਅਤੇ ਵੱਡੇ ਪੱਧਰ ‘ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਦੀ ਸਾਜ਼ਿਸ਼ ਵਿੱਚ ਸ਼ਾਮਲ ਸੀ। ਅਮਰੀਕੀ ਜਾਂਚ ਏਜੰਸੀਆਂ ਕਾਫ਼ੀ ਸਮੇਂ ਤੋਂ ਉਸ ਦੀ ਭਾਲ ਕਰ ਰਹੀਆਂ ਸਨ ਅਤੇ ਉਸ ਖ਼ਿਲਾਫ਼ ਪਹਿਲਾਂ ਹੀ ਗ੍ਰਿਫ਼ਤਾਰੀ ਵਾਰੰਟ ਜਾਰੀ ਹੋ ਚੁੱਕਾ ਸੀ। 23 ਜੂਨ 2026 ਨੂੰ ਲਾਸ ਏਂਜਲਸ ਦੀ ਯੂਨਾਈਟਿਡ ਸਟੇਟਸ ਡਿਸਟ੍ਰਿਕਟ ਕੋਰਟ ਵੱਲੋਂ ਜਾਰੀ ਵਾਰੰਟ ਤੋਂ ਬਾਅਦ FBI ਨੇ ਲੋਕਾਂ ਤੋਂ ਵੀ ਉਸ ਬਾਰੇ ਜਾਣਕਾਰੀ ਮੰਗੀ ਸੀ। ਹੁਣ ਗ੍ਰਿਫ਼ਤਾਰੀ ਤੋਂ ਬਾਅਦ ਜਾਂਚ ਏਜੰਸੀਆਂ ਉਸ ਤੋਂ ਪੁੱਛਗਿੱਛ ਕਰ ਰਹੀਆਂ ਹਨ ਅਤੇ ਪੂਰੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਨੈੱਟਵਰਕ ਦੀ ਕੜੀ ਤੱਕ ਪਹੁੰਚਣ ਲਈ ਜਾਂਚ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ।