ਨਿਊਜ਼ ਪੰਜਾਬ
25 ਜੁਲਾਈ,2026
ਬਰਨਾਲਾ ਵਿੱਚ ਸਫਾਈ ਮੁਲਾਜ਼ਮਾਂ ਦੇ ਪ੍ਰਦਰਸ਼ਨ ਦੌਰਾਨ ਹੋਏ ਲਾਠੀਚਾਰਜ ਮਾਮਲੇ ਵਿੱਚ ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਡੀਐੱਸਪੀ ਸਤਵੀਰ ਸਿੰਘ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ।

ਇਹ ਫ਼ੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਤੋਂ ਬਾਅਦ ਲਿਆ ਗਿਆ ਹੈ। ਬੀਤੇ ਦਿਨਾਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਸਫਾਈ ਮੁਲਾਜ਼ਮਾਂ ਅਤੇ ਪੁਲਿਸ ਵਿਚਾਲੇ ਹੋਈ ਝੜਪ ਦੌਰਾਨ ਲਾਠੀਚਾਰਜ ਕੀਤਾ ਗਿਆ ਸੀ, ਜਿਸ ਵਿੱਚ ਕਈ ਮੁਲਾਜ਼ਮ, ਖ਼ਾਸ ਕਰਕੇ ਮਹਿਲਾਵਾਂ, ਜ਼ਖ਼ਮੀ ਹੋਈਆਂ ਸਨ। ਇਸ ਘਟਨਾ ਦਾ ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ ਨੇ ਵੀ ਸਖ਼ਤ ਨੋਟਿਸ ਲੈਂਦਿਆਂ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ। ਡੀਆਈਜੀ ਪਟਿਆਲਾ ਰੇਂਜ ਦੀ ਰਿਪੋਰਟ ਦੇ ਆਧਾਰ ‘ਤੇ ਡੀਜੀਪੀ ਪੰਜਾਬ ਨੇ ਡੀਐੱਸਪੀ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਨਾਲ ਹੀ ਉਨ੍ਹਾਂ ਖ਼ਿਲਾਫ਼ ਵਿਭਾਗੀ ਕਾਰਵਾਈ ਸ਼ੁਰੂ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ।
