ਨਿਊਜ਼ ਪੰਜਾਬ
25 ਜੁਲਾਈ,2026
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ, ਜਿਸ ਕਾਰਨ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਰੁਕ-ਰੁਕ ਕੇ ਹੋ ਰਹੀ ਬਾਰਿਸ਼ ਨੇ ਮੌਸਮ ਨੂੰ ਸੁਹਾਵਣਾ ਬਣਾ ਦਿੱਤਾ ਹੈ ਅਤੇ ਲੋਕਾਂ ਨੂੰ ਭਿਆਨਕ ਗਰਮੀ ਤੋਂ ਵੱਡੀ ਰਾਹਤ ਮਿਲੀ ਹੈ। ਭਾਰਤੀ ਮੌਸਮ ਵਿਭਾਗ (IMD) ਨੇ 25 ਜੁਲਾਈ ਤੋਂ 30 ਜੁਲਾਈ ਤੱਕ ਪੰਜਾਬ ਵਿੱਚ ਲਗਾਤਾਰ ਮੀਂਹ ਪੈਣ ਦੀ ਸੰਭਾਵਨਾ ਜਤਾਈ ਹੈ। ਵਿਭਾਗ ਅਨੁਸਾਰ 28 ਅਤੇ 29 ਜੁਲਾਈ ਨੂੰ ਸੂਬੇ ਦੇ ਕਈ ਇਲਾਕਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਬਾਰਿਸ਼ ਹੋ ਸਕਦੀ ਹੈ, ਜਦਕਿ ਇਸ ਦੌਰਾਨ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ, ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਵੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਦੌਰਾਨ ਗੁਰਦਾਸਪੁਰ ਵਿੱਚ ਸਭ ਤੋਂ ਵੱਧ 24.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਅੰਮ੍ਰਿਤਸਰ ਵਿੱਚ ਵੀ ਚੰਗੀ ਬਾਰਿਸ਼ ਹੋਈ। ਹਾਲਾਂਕਿ ਮੋਹਾਲੀ, ਸੰਗਰੂਰ ਅਤੇ ਮਾਨਸਾ ਵਿੱਚ ਮੌਸਮ ਮੁੱਖ ਤੌਰ ‘ਤੇ ਖੁਸ਼ਕ ਰਿਹਾ। ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36.6 ਡਿਗਰੀ ਸੈਲਸੀਅਸ ਅਤੇ ਪਠਾਨਕੋਟ ਵਿੱਚ ਘੱਟੋ-ਘੱਟ 24.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਭਾਰੀ ਮੀਂਹ ਕਾਰਨ ਕਈ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ, ਆਵਾਜਾਈ ਪ੍ਰਭਾਵਿਤ ਹੋਣ ਅਤੇ ਖੇਤਾਂ ਵਿੱਚ ਜਲ ਭਰਾਅ ਵਰਗੀਆਂ ਸਥਿਤੀਆਂ ਪੈਦਾ ਹੋ ਸਕਦੀਆਂ ਹਨ। ਇਸ ਲਈ ਲੋਕਾਂ ਨੂੰ ਲੋੜ ਪੈਣ ‘ਤੇ ਹੀ ਘਰਾਂ ਤੋਂ ਬਾਹਰ ਨਿਕਲਣ, ਬਿਜਲੀ ਦੀ ਚਮਕ ਅਤੇ ਤੇਜ਼ ਹਵਾਵਾਂ ਦੌਰਾਨ ਸੁਰੱਖਿਅਤ ਥਾਵਾਂ ‘ਤੇ ਰਹਿਣ ਅਤੇ ਪ੍ਰਸ਼ਾਸਨ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ। ਗੁਆਂਢੀ ਰਾਜਾਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਉੱਤਰਾਖੰਡ, ਹਰਿਆਣਾ ਅਤੇ ਲੱਦਾਖ ਵਿੱਚ ਵੀ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ, ਜਿਸ ਦਾ ਅਸਰ ਪੰਜਾਬ ਦੇ ਮੌਸਮ ‘ਤੇ ਵੀ ਪੈ ਸਕਦਾ ਹੈ।
