ਪੰਜਾਬ ‘ਚ ਫਿਰ ਸਰਗਰਮ ਹੋਇਆ ਮਾਨਸੂਨ, 28-29 ਜੁਲਾਈ ਲਈ ਆਰੇਂਜ ਅਲਰਟ; ਕਈ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਨਿਊਜ਼ ਪੰਜਾਬ

27 ਜੁਲਾਈ,2026

ਪੰਜਾਬ ਅਤੇ ਚੰਡੀਗੜ੍ਹ ਵਿੱਚ ਇੱਕ ਵਾਰ ਫਿਰ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਬੀਤੀ ਰਾਤ ਤੋਂ ਸੂਬੇ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ, ਜਿਸ ਕਾਰਨ ਮੌਸਮ ਸੁਹਾਵਣਾ ਹੋ ਗਿਆ ਹੈ। ਮੌਸਮ ਵਿਭਾਗ ਨੇ 27 ਜੁਲਾਈ ਤੋਂ ਅਗਲੇ ਚਾਰ ਦਿਨਾਂ ਤੱਕ ਭਾਰੀ ਮੀਂਹ ਦੀ ਸੰਭਾਵਨਾ ਜਤਾਈ ਹੈ ਅਤੇ 28 ਤੇ 29 ਜੁਲਾਈ ਲਈ ਆਰੇਂਜ ਅਲਰਟ ਜਾਰੀ ਕੀਤਾ ਹੈ। ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਗਰਜ-ਚਮਕ, ਤੇਜ਼ ਹਵਾਵਾਂ ਅਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ, ਜਦਕਿ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਮੁਹਾਲੀ, ਲੁਧਿਆਣਾ, ਮੋਗਾ, ਫਿਰੋਜ਼ਪੁਰ, ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਫਤਿਹਗੜ੍ਹ ਸਾਹਿਬ, ਪਟਿਆਲਾ, ਬਠਿੰਡਾ ਅਤੇ ਹੋਰ ਕਈ ਜ਼ਿਲ੍ਹਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਚੰਡੀਗੜ੍ਹ ਵਿੱਚ ਵੀ ਬੀਤੀ ਰਾਤ ਕਰੀਬ 40 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 36.8 ਡਿਗਰੀ ਸੈਲਸੀਅਸ ਰਿਹਾ।

ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਰਾਜਸਥਾਨ ਉੱਤੇ ਬਣੇ ਘੱਟ ਦਬਾਅ ਵਾਲੇ ਖੇਤਰ ਅਤੇ ਉੱਤਰੀ ਭਾਰਤ ਵਿੱਚ ਸਰਗਰਮ ਪੱਛਮੀ ਗੜਬੜ ਕਾਰਨ ਪੰਜਾਬ ਅਤੇ ਚੰਡੀਗੜ੍ਹ ਵਿੱਚ ਅਗਲੇ ਕੁਝ ਦਿਨ ਬੱਦਲਵਾਈ ਅਤੇ ਮੀਂਹ ਦਾ ਦੌਰ ਜਾਰੀ ਰਹੇਗਾ। ਇਸ ਦੌਰਾਨ ਲੋਕਾਂ ਨੂੰ ਬਿਜਲੀ ਚਮਕਣ ਅਤੇ ਪਾਣੀ ਭਰਨ ਵਾਲੇ ਇਲਾਕਿਆਂ ਤੋਂ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਗਈ ਹੈ। ਉੱਥੇ ਹੀ ਭਾਖੜਾ ਅਤੇ ਪੋਂਗ ਡੈਮਾਂ ਵਿੱਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ, ਪਰ ਦੋਵੇਂ ਡੈਮ ਅਜੇ ਵੀ ਖ਼ਤਰੇ ਦੇ ਨਿਸ਼ਾਨ ਤੋਂ ਕਾਫ਼ੀ ਹੇਠਾਂ ਹਨ। ਭਾਖੜਾ ਡੈਮ ਦਾ ਪਾਣੀ ਪੱਧਰ 1,594 ਫੁੱਟ ਅਤੇ ਪੋਂਗ ਡੈਮ ਦਾ 1,330.55 ਫੁੱਟ ਦਰਜ ਕੀਤਾ ਗਿਆ ਹੈ, ਜਿਸ ਕਾਰਨ ਫਿਲਹਾਲ ਕਿਸੇ ਤਰ੍ਹਾਂ ਦੇ ਤੁਰੰਤ ਖ਼ਤਰੇ ਦੀ ਸਥਿਤੀ ਨਹੀਂ ਹੈ। ਹਾਲਾਂਕਿ, ਮੀਂਹ ਦੇ ਮੱਦੇਨਜ਼ਰ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਵੱਲੋਂ ਡੈਮਾਂ ਅਤੇ ਦਰਿਆਵਾਂ ਦੀ ਸਥਿਤੀ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ। ਲੋਕਾਂ ਨੂੰ ਬਿਨਾਂ ਲੋੜ ਘਰਾਂ ਤੋਂ ਬਾਹਰ ਨਾ ਨਿਕਲਣ, ਮੌਸਮ ਵਿਭਾਗ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਅਤੇ ਸੁਰੱਖਿਆ ਸਬੰਧੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ।