ਨਿਊਜ਼ ਪੰਜਾਬ
29 ਜੁਲਾਈ,2026
2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿੱਚ ਰੱਖਦਿਆਂ ਕਾਂਗਰਸ ਨੇ ਸੂਬੇ ਵਿੱਚ ਆਪਣੀਆਂ ਸੰਗਠਨਾਤਮਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ 30 ਜੁਲਾਈ ਨੂੰ ਚੰਡੀਗੜ੍ਹ ਪਹੁੰਚਣਗੇ ਅਤੇ 31 ਜੁਲਾਈ ਤੋਂ 8 ਅਗਸਤ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਦਾ ਦੌਰਾ ਕਰਕੇ ਪਾਰਟੀ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲੈਣਗੇ। ਉਹ ਫਤਿਹਗੜ੍ਹ ਸਾਹਿਬ ਤੋਂ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ ਅਤੇ ਪਟਿਆਲਾ, ਸੰਗਰੂਰ, ਬਰਨਾਲਾ, ਮਾਨਸਾ, ਬਠਿੰਡਾ, ਮੁਕਤਸਰ, ਫਾਜ਼ਿਲਕਾ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਲੁਧਿਆਣਾ, ਮਲੇਰਕੋਟਲਾ, ਖੰਨਾ, ਐਸਬੀਐਸ ਨਗਰ ਅਤੇ ਰੋਪੜ ਸਮੇਤ ਕਈ ਜ਼ਿਲ੍ਹਿਆਂ ਵਿੱਚ ਵਰਕਰਾਂ ਅਤੇ ਆਗੂਆਂ ਨਾਲ ਮੀਟਿੰਗਾਂ ਕਰਨਗੇ। ਇਸ ਦੌਰੇ ਦੌਰਾਨ ਮਾਲਵਾ ਖੇਤਰ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿੱਥੇ ਪਾਰਟੀ ਆਪਣਾ ਆਧਾਰ ਹੋਰ ਮਜ਼ਬੂਤ ਕਰਨਾ ਚਾਹੁੰਦੀ ਹੈ। ਨਾਲ ਹੀ, ਅੰਦਰੂਨੀ ਧੜੇਬੰਦੀ ਨੂੰ ਖਤਮ ਕਰਨ, ਸੰਗਠਨ ਨੂੰ ਇੱਕਜੁੱਟ ਕਰਨ, ਬੂਥ ਪੱਧਰ ‘ਤੇ ਪਾਰਟੀ ਨੂੰ ਸਰਗਰਮ ਬਣਾਉਣ ਅਤੇ 2027 ਦੀਆਂ ਚੋਣਾਂ ਲਈ ਰਣਨੀਤੀ ਤਿਆਰ ਕਰਨ ‘ਤੇ ਵੀ ਵਿਸਥਾਰ ਨਾਲ ਚਰਚਾ ਕੀਤੀ ਜਾਵੇਗੀ। ਭੁਪੇਸ਼ ਬਘੇਲ ਦਾ ਇਹ ਦੌਰਾ ਪੰਜਾਬ ਕਾਂਗਰਸ ਵਿੱਚ ਹਾਲ ਹੀ ਦੇ ਅੰਦਰੂਨੀ ਵਿਵਾਦਾਂ ਤੋਂ ਬਾਅਦ ਪਾਰਟੀ ਨੂੰ ਇਕਜੁੱਟ ਕਰਨ ਅਤੇ ਚੋਣੀ ਮੁਹਿੰਮ ਨੂੰ ਨਵੀਂ ਰਫ਼ਤਾਰ ਦੇਣ ਵੱਲ ਇੱਕ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
