ਬਰਨਾਲਾ ਲਾਠੀਚਾਰਜ ਮਾਮਲਾ: NCSK ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਨੇ ਪੀੜਤਾਂ ਨੂੰ ਇਨਸਾਫ਼ ਦਾ ਭਰੋਸਾ ਦਿੱਤਾ

ਨਿਊਜ਼ ਪੰਜਾਬ

30 ਜੁਲਾਈ,2026

ਰਾਸ਼ਟਰੀ ਸਫਾਈ ਕਰਮਚਾਰੀ ਕਮਿਸ਼ਨ (NCSK) ਦੇ ਵਾਈਸ ਚੇਅਰਮੈਨ ਹਰਦੀਪ ਸਿੰਘ ਗਿੱਲ ਆਪਣੀ ਟੀਮ ਨਾਲ ਬਰਨਾਲਾ ਪਹੁੰਚੇ ਅਤੇ ਲਾਠੀਚਾਰਜ ਦੌਰਾਨ ਜ਼ਖ਼ਮੀ ਹੋਏ ਸਫਾਈ ਕਰਮਚਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਨਸਾਫ਼ ਦਾ ਭਰੋਸਾ ਦਿਵਾਇਆ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਹਦਾਇਤ ਕੀਤੀ ਕਿ ਮੁਅੱਤਲ ਕੀਤੇ ਗਏ DSP ਦੇ ਨਾਲ-ਨਾਲ ਡਿਊਟੀ ਮੈਜਿਸਟ੍ਰੇਟ ਦੀ ਭੂਮਿਕਾ ਦੀ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਜ਼ਖ਼ਮੀਆਂ ਦੇ ਇਲਾਜ ਦਾ ਪੂਰਾ ਖ਼ਰਚਾ ਪ੍ਰਸ਼ਾਸਨ ਵੱਲੋਂ ਚੁੱਕਣ ਅਤੇ ਪੀੜਤਾਂ ਨੂੰ ਤੁਰੰਤ ਮੁਆਵਜ਼ਾ ਦੇਣ ਦੇ ਨਿਰਦੇਸ਼ ਵੀ ਜਾਰੀ ਕੀਤੇ ਗਏ। ਹਰਦੀਪ ਸਿੰਘ ਗਿੱਲ ਨੇ ਦੱਸਿਆ ਕਿ 13 ਜ਼ਖ਼ਮੀ ਸਫਾਈ ਕਰਮਚਾਰੀਆਂ ਅਤੇ 4 ਪੁਲਿਸ ਮੁਲਾਜ਼ਮਾਂ ਦੀਆਂ ਮੈਡੀਕਲ ਰਿਪੋਰਟਾਂ ਹਾਸਲ ਕਰ ਲਈਆਂ ਗਈਆਂ ਹਨ, ਜਿਨ੍ਹਾਂ ਦੀ ਦਿੱਲੀ ਵਿੱਚ ਵਿਸਥਾਰ ਨਾਲ ਸਮੀਖਿਆ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਸਮਾਜਿਕ ਸੁਰੱਖਿਆ ਵਿਭਾਗ ਰਾਹੀਂ ਪੀੜਤਾਂ ਨੂੰ ₹25,000 ਤੋਂ ₹1 ਲੱਖ ਤੱਕ ਦੀ ਵਿੱਤੀ ਸਹਾਇਤਾ ਜਲਦ ਤੋਂ ਜਲਦ ਮੁਹੱਈਆ ਕਰਵਾਈ ਜਾਵੇਗੀ ਅਤੇ ਇਸ ਸਬੰਧੀ ਬਰਨਾਲਾ ਦੇ ਡਿਪਟੀ ਕਮਿਸ਼ਨਰ ਨਾਲ ਵੀ ਗੱਲਬਾਤ ਕੀਤੀ ਗਈ ਹੈ।