ਨਿਊਜ਼ ਪੰਜਾਬ
4 ਅਗਸਤ,2026
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੂਰੇ ਜਾਹੋ-ਜਲਾਲ ਨਾਲ ਸ਼ੁਰੂ ਹੋਇਆ ‘ਮੀਰੀ ਪੀਰੀ ਖ਼ਾਲਸਾ ਮਾਰਚ’ ਮੰਗਲਵਾਰ ਨੂੰ ਬਠਿੰਡਾ ਦੇ ਇਤਿਹਾਸਕ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਆਪਣੇ ਅਗਲੇ ਪੜਾਅ ਲਈ ਰਵਾਨਾ ਹੋ ਗਿਆ। ਇਹ ਵਿਸ਼ਾਲ ਮਾਰਚ ਦੇਰ ਸ਼ਾਮ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਮਾਰਚ ਦੀ ਰਵਾਨਗੀ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਚੜ੍ਹਦੀ ਕਲਾ ਦੀ ਅਰਦਾਸ ਕੀਤੀ ਗਈ, ਜਿਸ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।
ਫੁੱਲਾਂ ਨਾਲ ਸਜੀ ਸ਼ਾਨਦਾਰ ਪਾਲਕੀ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਏ ਇਸ ਨਗਰ ਕੀਰਤਨ ਦੌਰਾਨ ਗਤਕਾ ਟੀਮਾਂ ਨੇ ਆਪਣੇ ਅਦਭੁਤ ਜੌਹਰ ਵਿਖਾਏ। “ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ” ਦੇ ਜੈਕਾਰਿਆਂ ਨਾਲ ਪੂਰਾ ਮਾਹੌਲ ਗੂੰਜ ਉੱਠਿਆ ਅਤੇ ਰਸਤੇ ਭਰ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਮਾਰਚ ਦਾ ਸਵਾਗਤ ਕੀਤਾ ਗਿਆ। ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪਹੁੰਚੀਆਂ ਸੰਗਤਾਂ ਨੇ ਇਸ ਧਾਰਮਿਕ ਯਾਤਰਾ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ।
ਮਾਰਚ ਦੀ ਸ਼ੁਰੂਆਤ ਤੋਂ ਪਹਿਲਾਂ ਸੰਗਤ ਨੂੰ ਸੰਬੋਧਨ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਦਿਨੋ-ਦਿਨ ਵਧ ਰਹੇ ਨਸ਼ਿਆਂ ਦੇ ਰੁਝਾਨ ‘ਤੇ ਗੰਭੀਰ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਕਿਹਾ ਕਿ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਅਤੇ ਪਤਿਤਪੁਣੇ ਤੋਂ ਦੂਰ ਰੱਖਣ ਲਈ ਸਾਂਝੇ ਯਤਨਾਂ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਵਿਧਾਨ ਸਭਾ ਵਿੱਚ ਉਠਾਏ ਗਏ ਕੁਝ ਮੁੱਦਿਆਂ ਅਤੇ ਕਾਨੂੰਨੀ ਸੋਧਾਂ ਬਾਰੇ ਵੀ ਆਪਣਾ ਪੱਖ ਰੱਖਦਿਆਂ ਕਿਹਾ ਕਿ ਜਦੋਂ ਤੱਕ ਕਾਨੂੰਨਾਂ ਵਿੱਚ ਲੋੜੀਂਦੀਆਂ ਤਬਦੀਲੀਆਂ ਨਹੀਂ ਕੀਤੀਆਂ ਜਾਂਦੀਆਂ, ਉਦੋਂ ਤੱਕ ਖ਼ਾਲਸਾ ਪੰਥ ਅਜਿਹੇ ਕਾਨੂੰਨਾਂ ਨੂੰ ਸਵੀਕਾਰ ਨਹੀਂ ਕਰੇਗਾ।
ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇ ਕਿਹਾ ਕਿ ਨੌਜਵਾਨਾਂ ਨੂੰ ਸਿੱਖੀ ਨਾਲ ਜੋੜਨ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਲਈ ‘ਮੀਰੀ ਪੀਰੀ ਖ਼ਾਲਸਾ ਮਾਰਚ’ ਇੱਕ ਇਤਿਹਾਸਕ ਪਹਿਲ ਹੈ, ਜਿਸ ਨੂੰ ਸੰਗਤਾਂ ਵੱਲੋਂ ਭਰਪੂਰ ਸਮਰਥਨ ਮਿਲ ਰਿਹਾ ਹੈ।
