ਨਿਊਜ਼ ਪੰਜਾਬ
5 ਅਗਸਤ,2026
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਮੁਅੱਤਲ ਪੰਜਾਬ ਪੁਲਿਸ ਡੀਆਈਜੀ ਹਰਚਰਨ ਸਿੰਘ ਭੁੱਲਰ ਵੱਲੋਂ ਦਾਇਰ ਨਿਯਮਤ ਜ਼ਮਾਨਤ ਪਟੀਸ਼ਨ ‘ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਬੁੱਧਵਾਰ ਨੂੰ ਕਰੀਬ ਡੇਢ ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਭੁੱਲਰ ਦੇ ਵਕੀਲਾਂ ਅਤੇ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੇ ਅਦਾਲਤ ਅੱਗੇ ਆਪਣੀਆਂ ਦਲੀਲਾਂ ਪੇਸ਼ ਕੀਤੀਆਂ। ਦੋਵਾਂ ਪੱਖਾਂ ਨੂੰ ਸੁਣਨ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਬਾਅਦ ਵਿੱਚ ਸੁਣਾਉਣ ਦਾ ਐਲਾਨ ਕੀਤਾ।
ਭੁੱਲਰ ਦੀ ਇਹ ਦੂਜੀ ਨਿਯਮਤ ਜ਼ਮਾਨਤ ਪਟੀਸ਼ਨ ਹੈ। ਇਸ ਤੋਂ ਪਹਿਲਾਂ ਹਾਈ ਕੋਰਟ ਅਤੇ ਸੁਪਰੀਮ ਕੋਰਟ ਦੋਵਾਂ ਵੱਲੋਂ ਉਨ੍ਹਾਂ ਨੂੰ ਰਾਹਤ ਨਹੀਂ ਮਿਲੀ ਸੀ। ਹਾਲਾਂਕਿ, ਸੁਪਰੀਮ ਕੋਰਟ ਨੇ ਅਪ੍ਰੈਲ ਮਹੀਨੇ ਵਿੱਚ ਕਿਹਾ ਸੀ ਕਿ ਜੇਕਰ ਦੋ ਮਹੀਨਿਆਂ ਦੇ ਅੰਦਰ ਟਰਾਇਲ ਸ਼ੁਰੂ ਨਹੀਂ ਹੁੰਦਾ ਤਾਂ ਉਹ ਨਵੀਂ ਜ਼ਮਾਨਤ ਅਰਜ਼ੀ ਦਾਇਰ ਕਰ ਸਕਦੇ ਹਨ। ਭੁੱਲਰ ਦੇ ਵਕੀਲਾਂ ਨੇ ਦਲੀਲ ਦਿੱਤੀ ਕਿ ਜਾਂਚ ਪੂਰੀ ਹੋ ਚੁੱਕੀ ਹੈ ਅਤੇ ਚਾਰਜਸ਼ੀਟ ਵੀ ਦਾਇਰ ਕੀਤੀ ਜਾ ਚੁੱਕੀ ਹੈ, ਜਦਕਿ ਸੀਬੀਆਈ ਨੇ ਮਾਮਲੇ ਦੀ ਗੰਭੀਰਤਾ ਦਾ ਹਵਾਲਾ ਦਿੰਦਿਆਂ ਜ਼ਮਾਨਤ ਦਾ ਵਿਰੋਧ ਕੀਤਾ। ਹੁਣ ਸਾਰਿਆਂ ਦੀਆਂ ਨਜ਼ਰਾਂ ਹਾਈ ਕੋਰਟ ਦੇ ਅਗਲੇ ਫ਼ੈਸਲੇ ‘ਤੇ ਟਿਕੀਆਂ ਹੋਈਆਂ ਹਨ।
