ਜਲੰਧਰ ਬਾਈਪਾਸ ‘ਤੇ ਭਿਆਨਕ ਹਾਦਸਾ,ਸੜਕ ’ਤੇ ਖੜੇ ਟਰੱਕ ’ਚ ਵੱਜੀ ਤੇਜ਼ ਰਫਤਾਰ ਕਾਰ, 3 ਨੌਜਵਾਨਾਂ ਦੀ ਦਰਦਨਾਕ ਮੌਤ

ਨਿਊਜ਼ ਪੰਜਾਬ

8 ਅਗਸਤ,2026

ਜਲੰਧਰ ਦੇ ਬਾਈਪਾਸ ‘ਤੇ ਭਗਤ ਸਿੰਘ ਕਲੋਨੀ ਨੇੜੇ ਸ਼ਨੀਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿੱਚ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਸਵੇਰੇ ਕਰੀਬ 6 ਤੋਂ 6:30 ਵਜੇ ਦੇ ਦਰਮਿਆਨ ਇੱਕ ਤੇਜ਼ ਰਫ਼ਤਾਰ ਸਵਿਫਟ ਕਾਰ ਹਾਈਵੇਅ ‘ਤੇ ਖੜ੍ਹੇ ਕੈਂਟਰ/ਟਰੱਕ ਨਾਲ ਪਿੱਛੇ ਤੋਂ ਜਾ ਟਕਰਾਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ ਅਤੇ ਉਸ ਵਿੱਚ ਸਵਾਰ ਤਿੰਨ ਨੌਜਵਾਨਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਚਸ਼ਮਦੀਦਾਂ ਮੁਤਾਬਕ ਕਾਰ ਦੀ ਰਫ਼ਤਾਰ ਕਾਫੀ ਤੇਜ਼ ਸੀ। ਹਾਦਸੇ ਤੋਂ ਬਾਅਦ ਦੋ ਨੌਜਵਾਨਾਂ ਦੀਆਂ ਲਾਸ਼ਾਂ ਕਾਰ ਦੀ ਅਗਲੀ ਸੀਟ ਵਿੱਚ ਫਸ ਗਈਆਂ, ਜਦਕਿ ਇੱਕ ਹੋਰ ਨੌਜਵਾਨ ਕਾਰ ਤੋਂ ਬਾਹਰ ਜਾ ਡਿੱਗਿਆ। ਘਟਨਾ ਦੀ ਸੂਚਨਾ ਮਿਲਣ ‘ਤੇ ਪੁਲਿਸ ਟੀਮ ਮੌਕੇ ‘ਤੇ ਪਹੁੰਚੀ ਅਤੇ ਸਥਾਨਕ ਲੋਕਾਂ ਦੀ ਮਦਦ ਨਾਲ ਕਾਫੀ ਜੱਦੋ-ਜਹਿਦ ਤੋਂ ਬਾਅਦ ਲਾਸ਼ਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਗਿਆ। ਪੁਲਿਸ ਨੇ ਤਿੰਨਾਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਫਿਲਹਾਲ ਮ੍ਰਿਤਕ ਨੌਜਵਾਨਾਂ ਦੀ ਪਛਾਣ ਨਹੀਂ ਹੋ ਸਕੀ। ਹਾਦਸੇ ਤੋਂ ਬਾਅਦ ਕੈਂਟਰ ਚਾਲਕ ਮੌਕੇ ਤੋਂ ਫਰਾਰ ਦੱਸਿਆ ਜਾ ਰਿਹਾ ਹੈ। ਪੁਲਿਸ ਨੇ ਦੋਵੇਂ ਵਾਹਨਾਂ ਨੂੰ ਸੜਕ ਤੋਂ ਹਟਾ ਕੇ ਆਵਾਜਾਈ ਬਹਾਲ ਕਰਵਾਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਦਸੇ ਦੇ ਅਸਲ ਕਾਰਨਾਂ ਅਤੇ ਮ੍ਰਿਤਕਾਂ ਦੀ ਪਛਾਣ ਸਬੰਧੀ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।