ਨਿਊਜ਼ ਪੰਜਾਬ
9 ਅਗਸਤ,2026
ਪੰਜਾਬ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ ਅਤੇ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਬਣੀ ਹੋਈ ਹੈ। ਚੰਡੀਗੜ੍ਹ ਸਥਿਤ ਮੌਸਮ ਵਿਗਿਆਨ ਕੇਂਦਰ ਵੱਲੋਂ ਪੰਜਾਬ ਦੇ ਤਿੰਨ ਜ਼ਿਲ੍ਹਿਆਂ ਹੁਸ਼ਿਆਰਪੁਰ, ਨਵਾਂਸ਼ਹਿਰ ਅਤੇ ਰੋਪੜ ਲਈ ਭਾਰੀ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੌਸਮ ਵਿਭਾਗ ਮੁਤਾਬਕ ਇਨ੍ਹਾਂ ਜ਼ਿਲ੍ਹਿਆਂ ਵਿੱਚ ਕੁਝ ਥਾਵਾਂ ‘ਤੇ ਤੇਜ਼ ਮੀਂਹ ਪੈ ਸਕਦਾ ਹੈ, ਜਦਕਿ ਪੰਜਾਬ ਦੇ ਹੋਰ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਅੰਸ਼ਕ ਤੌਰ ‘ਤੇ ਬੱਦਲਵਾਈ ਰਹਿਣ ਦੇ ਨਾਲ ਇੱਕ ਜਾਂ ਦੋ ਵਾਰ ਮੀਂਹ ਪੈ ਸਕਦਾ ਹੈ। ਪਿਛਲੇ ਦਿਨਾਂ ਦੌਰਾਨ ਪੰਜਾਬ ਦੇ ਕਈ ਇਲਾਕਿਆਂ ਵਿੱਚ ਹੋਈ ਬਾਰਿਸ਼ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਰਾਜ ਦਾ ਵੱਧ ਤੋਂ ਵੱਧ ਤਾਪਮਾਨ 1.2 ਡਿਗਰੀ ਸੈਲਸੀਅਸ ਤੱਕ ਹੇਠਾਂ ਆਇਆ ਹੈ ਅਤੇ ਇਹ ਆਮ ਨਾਲੋਂ ਲਗਭਗ 3.4 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। 8 ਅਗਸਤ ਨੂੰ ਸਵੇਰੇ 8:30 ਵਜੇ ਤੋਂ ਸ਼ਾਮ 5:30 ਵਜੇ ਤੱਕ ਲੁਧਿਆਣਾ ਵਿੱਚ ਸਭ ਤੋਂ ਵੱਧ 6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ, ਜਦਕਿ ਸੰਗਰੂਰ ਵਿੱਚ 4 ਮਿਲੀਮੀਟਰ, ਪਟਿਆਲਾ ਅਤੇ ਫਰੀਦਕੋਟ ਵਿੱਚ 3-3 ਮਿਲੀਮੀਟਰ ਅਤੇ ਅੰਮ੍ਰਿਤਸਰ ਵਿੱਚ 0.8 ਮਿਲੀਮੀਟਰ ਮੀਂਹ ਪਿਆ। ਇਸ ਤੋਂ ਇਲਾਵਾ ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਫਿਰੋਜ਼ਪੁਰ ਵਿੱਚ ਵੀ ਮੀਂਹ ਦਰਜ ਕੀਤਾ ਗਿਆ।
ਮੌਸਮ ਵਿਭਾਗ ਦੇ ਅਨੁਸਾਰ ਮਾਨਸੂਨ ਟ੍ਰਫ ਇਸ ਸਮੇਂ ਆਪਣੀ ਆਮ ਸਥਿਤੀ ਵਿੱਚ ਹੈ ਅਤੇ ਉੱਤਰੀ ਭਾਰਤ ਵਿੱਚੋਂ ਲੰਘ ਰਹੀ ਹੈ, ਜਿਸ ਦੇ ਪ੍ਰਭਾਵ ਕਾਰਨ ਪੰਜਾਬ ਵਿੱਚ ਅਗਲੇ ਕੁਝ ਦਿਨਾਂ ਤੱਕ ਮੀਂਹ ਦੀਆਂ ਗਤੀਵਿਧੀਆਂ ਜਾਰੀ ਰਹਿ ਸਕਦੀਆਂ ਹਨ। 9 ਤੋਂ 12 ਅਗਸਤ ਦੇ ਵਿਚਕਾਰ ਅਤੇ 14 ਅਗਸਤ ਨੂੰ ਵੀ ਸੂਬੇ ਦੇ ਕਈ ਇਲਾਕਿਆਂ ਵਿੱਚ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਕੁਝ ਖੇਤਰਾਂ ਵਿੱਚ ਭਾਰੀ ਮੀਂਹ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦਾ ਖ਼ਤਰਾ ਵੀ ਬਣਿਆ ਹੋਇਆ ਹੈ। ਮੌਸਮ ਵਿਭਾਗ ਨੇ ਲੋਕਾਂ ਨੂੰ ਬਦਲਦੇ ਮੌਸਮ ਦੌਰਾਨ ਸਾਵਧਾਨ ਰਹਿਣ ਅਤੇ ਮੌਸਮ ਨਾਲ ਸਬੰਧਤ ਤਾਜ਼ਾ ਅਪਡੇਟਾਂ ‘ਤੇ ਨਜ਼ਰ ਰੱਖਣ ਦੀ ਸਲਾਹ ਦਿੱਤੀ ਹੈ।
