AAP ਨੂੰ ਅੰਮ੍ਰਿਤਸਰ ‘ਚ ਵੱਡਾ ਝਟਕਾ, PRTC ਡਾਇਰੈਕਟਰ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ

ਨਿਊਜ਼ ਪੰਜਾਬ

9 ਅਗਸਤ,2026

ਆਮ ਆਦਮੀ ਪਾਰਟੀ ਨੂੰ ਅੰਮ੍ਰਿਤਸਰ ਵਿੱਚ ਵੱਡਾ ਸਿਆਸੀ ਝਟਕਾ ਲੱਗਾ ਹੈ। ਪੀਆਰਟੀਸੀ ਦੇ ਮੌਜੂਦਾ ਡਾਇਰੈਕਟਰ ਅਤੇ ਅੰਮ੍ਰਿਤਸਰ ਦਿਹਾਤੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਆਪਣੇ ਸਾਰੇ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫ਼ਾ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਨੂੰ ਭੇਜਿਆ ਹੈ। ਬਲਜਿੰਦਰ ਸਿੰਘ ਢਿੱਲੋਂ ਥਾਂਦੇ ਨੇ ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਦਿਆਂ ਅਸਤੀਫ਼ੇ ਦੀ ਪੁਸ਼ਟੀ ਕੀਤੀ ਅਤੇ ਕਿਹਾ ਕਿ ਉਹ ਆਮ ਆਦਮੀ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਰਹੇ ਹਨ। ਉਹ ਲੰਬੇ ਸਮੇਂ ਤੋਂ ਪਾਰਟੀ ਨਾਲ ਸਰਗਰਮੀ ਨਾਲ ਜੁੜੇ ਹੋਏ ਸਨ ਅਤੇ ਅੰਮ੍ਰਿਤਸਰ ਦਿਹਾਤੀ ਵਿੱਚ ਪਾਰਟੀ ਸੰਗਠਨ ਨੂੰ ਮਜ਼ਬੂਤ ਕਰਨ ਲਈ ਕੰਮ ਕਰ ਚੁੱਕੇ ਹਨ। ਸਾਲ 2021 ਵਿੱਚ ਅਰਵਿੰਦ ਕੇਜਰੀਵਾਲ ਵੱਲੋਂ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਪ੍ਰਧਾਨ ਵਜੋਂ ਵੀ ਜ਼ਿੰਮੇਵਾਰੀ ਨਿਭਾਈ। ਇਸ ਸਮੇਂ ਉਹ ਪੰਜਾਬ ਪੀਆਰਟੀਸੀ ਦੇ ਡਾਇਰੈਕਟਰ ਵਜੋਂ ਸੇਵਾ ਨਿਭਾ ਰਹੇ ਹਨ। ਉਨ੍ਹਾਂ ਦੇ ਅਚਾਨਕ ਅਸਤੀਫ਼ੇ ਤੋਂ ਬਾਅਦ ਅੰਮ੍ਰਿਤਸਰ ਦੇ ਸਿਆਸੀ ਹਲਕਿਆਂ ਵਿੱਚ ਚਰਚਾਵਾਂ ਤੇਜ਼ ਹੋ ਗਈਆਂ ਹਨ। हालांकि, ਅਸਤੀਫ਼ੇ ਪਿੱਛੇ ਉਨ੍ਹਾਂ ਵੱਲੋਂ ਕੋਈ ਖਾਸ ਕਾਰਨ ਜਨਤਕ ਤੌਰ ‘ਤੇ ਨਹੀਂ ਦੱਸਿਆ ਗਿਆ ਹੈ।