ਨਿਊਜ਼ ਪੰਜਾਬ
11 ਅਗਸਤ,2026
ANTF ਫਿਰੋਜ਼ਪੁਰ ਰੇਂਜ ਨੇ ਸਰਹੱਦ ਪਾਰੋਂ ਹੋ ਰਹੀ ਨਸ਼ਾ ਤਸਕਰੀ ਖ਼ਿਲਾਫ਼ ਵੱਡੀ ਕਾਰਵਾਈ ਕਰਦਿਆਂ 30 ਕਿਲੋ 672 ਗ੍ਰਾਮ ਹੈਰੋਇਨ ਸਣੇ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁੱਢਲੀ ਜਾਂਚ ਮੁਤਾਬਕ ਵਿਦੇਸ਼ ਬੈਠੇ ਨਸ਼ਾ ਤਸਕਰਾਂ ਵੱਲੋਂ ਸਰਹੱਦ ਪਾਰੋਂ ਇਹ ਖੇਪ ਭੇਜੀ ਗਈ ਸੀ, ਜਿਸ ਨੂੰ ਫਿਰੋਜ਼ਪੁਰ ਦੇ ਪਿੰਡ ਅਲੀ ਕੇ ਵਿੱਚ ਸਪਲਾਈ ਕੀਤਾ ਜਾਣਾ ਸੀ। ਤਕਨੀਕੀ ਜਾਣਕਾਰੀ ਦੇ ਆਧਾਰ ’ਤੇ ਪੁਲਿਸ ਨੇ ਜਲਾਲਾਬਾਦ-ਫਾਜ਼ਿਲਕਾ ਹਾਈਵੇਅ ’ਤੇ ਹਰੀਕ੍ਰਿਸ਼ਨ ਸਿਨੇਮਾ ਨੇੜੇ ਕਾਰਵਾਈ ਕਰਦਿਆਂ ਇੱਕ ਕਾਰ ਵਿੱਚ ਸਵਾਰ ਹੰਸਪ੍ਰੀਤ, ਆਕਾਸ਼ ਸਿੰਘ ਅਤੇ ਅਨਮੋਲਪ੍ਰੀਤ ਨੂੰ ਕਾਬੂ ਕੀਤਾ। ਇਨ੍ਹਾਂ ਵਿੱਚੋਂ ਦੋ ਫਿਰੋਜ਼ਪੁਰ ਦੇ ਰਹਿਣ ਵਾਲੇ ਹਨ, ਜਦੋਂਕਿ ਇੱਕ ਪਿੰਡ ਗੁਲਾਮ ਪਾਧਰਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।
ਪੁਲਿਸ ਮੁਤਾਬਕ ਮੁਲਜ਼ਮਾਂ ਦੀ ਕਾਰ ਵਿੱਚੋਂ 30 ਕਿਲੋ 672 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਪੁਲਿਸ ਇਸ ਵੇਲੇ ਜਾਂਚ ਕਰ ਰਹੀ ਹੈ ਕਿ ਇੰਨੀ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਕਿੱਥੋਂ ਪ੍ਰਾਪਤ ਕੀਤੇ ਗਏ ਸਨ ਅਤੇ ਇਹ ਕਿੱਥੇ ਸਪਲਾਈ ਕੀਤੀ ਜਾਣੀ ਸੀ। ਪੁਲਿਸ ਨੇ ਦੱਸਿਆ ਕਿ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਲਿਆ ਜਾਵੇਗਾ।ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮਾਂ ਦੀ ਉਮਰ 20 ਤੋਂ 25 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ। ਇਹ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ ਕਿ ਕੀ ਉਨ੍ਹਾਂ ਵਿਰੁੱਧ ਪਹਿਲਾਂ ਕੋਈ ਅਪਰਾਧਿਕ ਮਾਮਲਾ ਦਰਜ ਹੈ। ਗੁਰੂਹਰਸਹਾਏ ਰਜਿਸਟ੍ਰੇਸ਼ਨ ਨੰਬਰ ਵਾਲੀ ਕਾਰ ਵਿੱਚੋਂ ਕਰੋੜਾਂ ਰੁਪਏ ਦੀ ਹੈਰੋਇਨ ਜ਼ਬਤ ਹੋਣ ਤੋਂ ਬਾਅਦ, ਪੁਲਿਸ ਨੇ ਪੂਰੇ ਨੈੱਟਵਰਕ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
